ਜ਼ਮੀਨਾਂ ਦੀ ਕੁਰਕੀ 'ਤੇ ਘਿਰੀ ਕੈਪਟਨ ਸਰਕਾਰ, 'ਆਪ' ਨੇ ਦਿੱਤਾ ਅਲਟੀਮੇਟ
ਏਬੀਪੀ ਸਾਂਝਾ | 18 Jul 2018 04:21 PM (IST)
ਚੰਡੀਗੜ੍ਹ: ਪੰਜਾਬ ਖੇਤੀਬਾੜੀ ਵਿਕਾਸ ਬੈਂਕ (ਪੀਏਡੀਪੀ) ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇੱਕ ਪਾਸੇ ਕਿਸਾਨ ਜਥੇਬੰਦੀਆਂ ਮੈਦਾਨ ਵਿੱਚ ਨਿੱਤਰ ਆਈਆਂ ਹਨ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। 'ਆਪ' ਨੇ ਕਿਹਾ ਹੈ ਕਿ ਸਰਕਾਰ ਦੇ ਆਪਣੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ (ਪੀਏਡੀਪੀ) ਵੱਲੋਂ ਕਰਜ਼ਾਈ ਕਿਸਾਨਾਂ ਦੀ ਜ਼ਮੀਨ ਵੇਚ ਕੇ ਕਰਜ਼ ਵਸੂਲੇ ਜਾਣ ਵਾਲਾ ਤੁਗ਼ਲਕੀ ਫ਼ੈਸਲਾ ਗਲਤ ਹੈ। ਪਾਰਟੀ ਨੇ ਇਸ ਫ਼ੈਸਲੇ ਨੂੰ ਹਫ਼ਤੇ ਦੇ ਅੰਦਰ-ਅੰਦਰ ਵਾਪਸ ਲੈਣ ਦਾ ਅਲਟੀਮੇਟਮ ਦਿੱਤਾ ਹੈ। 'ਆਪ' ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੈਪਟਨ ਸਰਕਾਰ ਨੇ ਪਹਿਲਾਂ ਹੀ ਕਰਜ਼ੇ ਦੇ ਭੰਨ੍ਹੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਇਸ 'ਰਾਜਾਸ਼ਾਹੀ' ਫ਼ਰਮਾਨ ਨੂੰ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਦਾ ਕਿਸਾਨ ਵਿੰਗ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਪਟਿਆਲਾ ਡਿਵੀਜ਼ਨ ਦੇ ਦਫ਼ਤਰ ਦਾ ਘਿਰਾਓ ਕਰੇਗਾ। ਬੁੱਧਵਾਰ ਨੂੰ 'ਆਪ' ਦੇ ਸਟੇਟ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਇਸ ਫ਼ੈਸਲੇ ਨੂੰ ਮੂਲੋਂ ਰੱਦ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਰਕਾਰ ਦੀ ਅਜਿਹੀ ਤਾਨਾਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਇੱਕ ਵੀ ਕਰਜ਼ਾਈ ਕਿਸਾਨ ਦੀ ਜ਼ਮੀਨ 'ਚ ਸਰਕਾਰ ਨੂੰ ਪੈਰ ਨਹੀਂ ਧਰਨ ਦੇਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆੜ੍ਹਤੀਆਂ ਸਮੇਤ ਸਾਰਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਨਾਲ ਸੱਤਾ 'ਚ ਆਈ ਕਾਂਗਰਸ ਨੇ ਪਹਿਲਾਂ ਹੀ ਸੰਕਟ ਦੇ ਮਾਰੇ ਕਿਸਾਨਾਂ ਨਾਲ ਐਨਾ ਵੱਡਾ ਧ੍ਰੋਹ ਕਰ ਕੇ ਕਾਂਗਰਸ ਪਾਰਟੀ ਤੇ ਕੈਪਟਨ ਅਮਰਿੰਦਰ ਦਾ ਫ਼ਰੇਬੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਗੰਭੀਰ ਮੁੱਦੇ ਉੱਤੇ ਉਨ੍ਹਾਂ ਵੀਰਵਾਰ ਨੂੰ 'ਆਪ' ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਤੇ ਆਬਜ਼ਰਵਰ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਦੀ ਅਗਵਾਈ 'ਚ ਕਿਸਾਨ ਵਿੰਗ ਦੀ ਬੈਠਕ ਬੁਲਾ ਲਈ ਹੈ। ਇਸ ਦੌਰਾਨ ਵਿਚਾਰ-ਵਟਾਂਦਰੇ ਉਪਰੰਤ ਆਮ ਆਦਮੀ ਪਾਰਟੀ ਪਟਿਆਲਾ ਡਿਵੀਜ਼ਨ ਦੇ ਪਟਿਆਲਾ ਰੋਪੜ, ਸੰਗਰੂਰ, ਲੁਧਿਆਣਾ, ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕਰਜ਼ਾਈ ਕਿਸਾਨਾਂ ਦੀ ਜ਼ਮੀਨ ਉੱਤੇ ਲਟਕਾਈ ਗਈ ਇਸ ਸਰਕਾਰੀ ਤਲਵਾਰ ਦਾ ਟਾਕਰਾ ਕਰਨ ਲਈ ਅਗਲਾ ਪ੍ਰੋਗਰਾਮ ਤੈਅ ਕਰੇਗੀ।