ਚੰਡੀਗੜ੍ਹ : ਆਮ ਤੋਰ ਉੱਤੇ ਪੰਜਾਬ ਦਾ ਕਿਸਾਨ ਕਣਕ-ਝੋਨੇ ਨੂੰ ਹੀ ਤਰਜੀਹ ਦਿੰਦਾ ਹੈ। ਪਰ ਅੱਜ ਤੁਹਾਨੂੰ ਦੱਸਦੇ ਹਾਂ ਅਜਿਹੇ ਫਸਲੀ ਚੱਕਰ ਬਾਰੇ ਜਿਸ ਨਾਲ ਕਣਕ-ਝੋਨੇ ਦੇ ਨਾਲ ਹੋਰਨਾਂ ਫਸਲੀ ਦੀ ਖੇਤੀ ਕਰਕੇ ਕਿਸਾਨ ਚੋਖਾ ਮੁਨਾਫਾ ਕਮਾ ਸਕਦਾ ਹੈ।
1. ਮੱਕੀ/ਝੋਨਾ-ਆਲੂ-ਕਣਕ ਜੂਨ ਦੇ ਅੰਤ ਵਿੱਚ ਥੋੜ੍ਹੇ ਸਮੇਂ ਵਿੱਚ ਪੱਕਣ ਵਾਲੀ ਮੱਕੀ ਜਾਂ ਝੋਨੇ ਦੀ ਕਿਸਮ ਬੀਜੋ । ਇਹ ਫ਼ਸਲਾਂ ਖੇਤ ਨੂੰ ਅੱਧ ਸਤੰਬਰ ਵਿੱਚ ਖਾਲੀ ਕਰ ਦਿੰਦੀਆਂ ਹਨ ਅਤੇ ਆਲੂਆਂ ਦੀਆਂ ਛੇਤੀ ਪੁੱਟਣ ਵਾਲੀਆਂ ਕਿਸਮਾਂ ਜਿਵੇਂ ਕਿ ਕੁਫਰੀ ਚੰਦਰਮੁਖੀ ਜਾਂ ਕੁਫਰੀ ਅਲੰਕਾਰ ਨੂੰ ਸਤੰਬਰ ਦੇ ਅੰਤ ਵਿੱਚ ਬੀਜੋ। ਜਦੋਂ ਆਲੂਆਂ ਦੀ ਫ਼ਸਲ 12 ਹਫ਼ਤੇ ਦੀ ਹੋ ਜਾਵੇ ਤਾਂ ਆਲੂਆਂ ਨੂੰ ਪੁੱਟ ਕੇ ਪਛੇਤੀ ਕਣਕ ਦੀ ਬਿਜਾਈ ਕਰ ਦਿਉ । ਪਛੇਤੀ ਕਣਕ ਨੂੰ ਅੱਧੀ ਨਾਈਟ੍ਰੋਜਨ ਪਾਉ ਅਤੇ ਆਲੂਆਂ ਤੋਂ ਬਾਅਦ ਫ਼ਾਸਫੋਰਸ ਜਾਂ ਪੋਟਾਸ਼ ਖਾਦ ਦੀ ਲੋੜ ਨਹੀਂ।
2. ਮੱਕੀ/ਝੋਨਾ-ਆਲੂ-ਗਰਮੀ ਰੁੱਤ ਦੀ ਮੂੰਗੀ ਕਈ ਵਾਰ ਕਣਕ ਪਿਛੋਂ ਗਰਮੀ ਰੁੱਤ ਦੀ ਬੀਜੀ ਹੋਈ ਮੂੰਗੀ ਦੀ ਫ਼ਸਲ ਅਗੇਤੀ ਬਰਸਾਤ ਦੇ ਅਸਰ ਹੇਠ ਆ ਜਾਂਦੀ ਹੈ । ਇਸ ਕਰਕੇ ਇਸ ਫ਼ਸਲ ਦੀ ਬਿਜਾਈ ਅੱਧ ਮਾਰਚ ਤੋਂ ਅਖੀਰ ਮਾਰਚ ਵਿੱਚ ਕਰ ਲੈਣੀ ਚਾਹੀਦੀ ਹੈ । ਇਸ ਤਰ੍ਹਾਂ ਮੂੰਗੀ ਨੂੰ 20-25 ਸੈਂਟੀਮੀਟਰ ਵਿੱਥ ਤੇ ਬੀਜ ਦਿਉ। ਇਸ ਫ਼ਸਲੀ ਚੱਕਰ ਵਿੱਚ ਮੱਕੀ ਜਾਂ ਝੋਨੇ ਦੀ ਬਿਜਾਈ ਜੂਨ ਵਿੱਚ ਕਰ ਦਿਉ ਤਾਂ ਜੋ ਆਲੂ ਦੀ ਬਿਜਾਈ ਸਮੇਂ ਸਿਰ ਸਤੰਬਰ ਦੇ ਦੂਜੇ ਪੰਦਰ੍ਹਵਾੜੇ ਵਿੱਚ ਹੋ ਸਕੇ । ਇਸ ਉਪਰੰਤ ਗਰਮੀ ਰੁੱਤ ਦੀ ਬੀਜੀ ਹੋਈ ਮੂੰਗੀ ਨੂੰ ਆਲੂਆਂ ਤੋਂ ਪਿਛੋਂ ਕਿਸੇ ਕਿਸਮ ਦੀ ਖਾਦ ਦੀ ਲੋੜ ਨਹੀਂ ਪੈਂਦੀ ਜੇਕਰ ਆਲੂਆਂ ਨੂੰ ਪੂਰੀਆਂ ਰਸਾਇਣਕ ਖਾਦਾਂ ਅਤੇ ਰੂੜੀ ਪਾਈ ਹੋਵੇ ।
3. ਝੋਨਾ-ਆਲੂ/ਤੋਰੀਆ – ਸੂਰਜਮੁਖੀ ਜੂਨ ਦੇ ਸ਼ੁਰੂ ਵਿੱਚ ਝੋਨੇ ਦੀ ਥੋੜ੍ਹੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ ਆਰ 115 ਲਾਉ ਤਾਂ ਕਿ ਖੇਤ ਅੱਧ ਸਤੰਬਰ ਤੱਕ ਖਾਲੀ ਹੋ ਜਾਵੇ। ਆਲੂਆਂ ਦੀ ਕਿਸਮ ਚੰਦਰਮੁਖੀ ਜਾਂ ਅਲੰਕਾਰ ਨੂੰ ਸਤੰਬਰ ਦੇ ਤੀਜੇ ਹਫਤੇ ਵਿੱਚ ਬੀਜ ਕੇ ਦਸੰਬਰ ਅਖੀਰ ਵਿੱਚ ਪੁੱਟ ਲਉ । ਉਸ ਤੋਂ ਉਪਰੰਤ ਸੂਰਜਮੁਖੀ (ਥੋੜ੍ਹੇ ਅਰਸੇ ਵਾਲੀ ਕਿਸਮ) ਫ਼ਸਲ ਦੀ ਬਿਜਾਈ ਜਨਵਰੀ ਦੇ ਪਹਿਲੇ ਪੰਦਰਵਾੜੇ ਵਿੱਚ ਪੂਰਬ-ਪੱਛਮ ਦਿਸ਼ਾ ਵਿੱਚ ਵੱਟਾਂ ਪਾ ਕੇ ਦੱਖਣ ਵਾਲੇ ਪਾਸੇ ਕਰੋ। ਆਲੂਆਂ ਪਿਛੋਂ ਬੀਜੀ ਸੂਰਜਮੁਖੀ ਦੀ ਫ਼ਸਲ ਨੂੰ 12 ਕਿਲੋ ਨਾਈਟ੍ਰੋਜਨ ਪਾਉਣ ਦੀ ਲੋੜ ਹੈ ਜੇ ਆਲੂਆਂ ਦੀ ਫ਼ਸਲ ਨੂੰ ਸਿਫ਼ਾਰਸ਼ ਕੀਤੀ ਐਨ.ਪੀ.ਕੇ ਅਤੇ 20 ਟਨ ਰੂੜੀ ਦੀ ਖਾਦ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਈ ਹੋਵੇ । ਸੂਰਜਮੁਖੀ ਦੀ ਫ਼ਸਲ ਖੇਤ ਨੂੰ ਝੋਨੇ ਦੀ ਸਮੇਂ ਸਿਰ ਲੁਆਈ ਲਈ ਅੱਧ ਮਈ ਤੱਕ ਖਾਲੀ ਕਰ ਦਿੰਦੀ ਹੈ ।
4. ਮੱਕੀ-ਆਲੂ/ਤੋਰੀਆ – ਸੂਰਜਮੁਖੀ ਇਸ ਫ਼ਸਲ ਚੱਕਰ ਵਿੱਚ ਮੱਕੀ ਦੀ ਬਿਜਾਈ ਜੂਨ ਦੇ ਸ਼ੁਰੂ ਵਿੱਚ ਕਰਨ ਨਾਲ ਆਲੂਆਂ ਦੀ ਸਮੇਂ ਸਿਰ ਬਿਜਾਈ ਲਈ ਸਤੰਬਰ ਦੇ ਦੂਜੇ ਪੰਦਰਵਾੜੇ ਵਿੱਚ ਖੇਤ ਖਾਲੀ ਹੋ ਜਾਵੇਗਾ। ਆਲੂਆਂ ਦੀ ਫ਼ਸਲ 12 ਹਫਤੇ ਪਿਛੋਂ ਦਸੰਬਰ ਦੇ ਅੰਤ ਤੱਕ ਪੁੱਟ ਲਵੋ । ਇਸ ਦੇ ਬਦਲੇ ਮੱਕੀ ਪਿਛੋਂ ਤੋਰੀਆ ਦੀ ਥੋੜ੍ਹੇ ਸਮੇਂ ਵਿੱਚ ਪੱਕਣ ਵਾਲੀ ਕਿਸਮ (ਟੀ ਐਲ-15) ਬੀਜੀ ਜਾ ਸਕਦੀ ਹੈ । ਇਸ ਤੋਂ ਪਿਛੋਂ, ਜਨਵਰੀ ਦੇ ਪਹਿਲੇ ਪੰਦਰ੍ਹਵਾੜੇ ਵਿੱਚ ਪੂਰਬ-ਪੱਛਮ ਦਿਸ਼ਾ ਵਿੱਚ ਵੱਟਾਂ ਪਾ ਕੇ ਦੱਖਣ ਵਾਲੇ ਪਾਸੇ ਸੂਰਜਮੁਖੀ ਦੀ ਬਿਜਾਈ ਕਰੋ। ਆਲੂਆਂ ਪਿਛੋਂ ਬੀਜੀ ਸੂਰਜਮੁਖੀ ਦੀ ਫ਼ਸਲ ਨੂੰ 12 ਕਿਲੋ ਨਾਈਟ੍ਰੋਜਨ ਪ੍ਰਤੀ ਏਕੜ ਪਾਓ, ਜੇਕਰ ਆਲੂਆਂ ਨੂੰ 20 ਟਨ ਰੂੜੀ ਦੀ ਖਾਦ ਅਤੇ ਸਿਫ਼ਾਰਸ਼ ਕੀਤੀਆ ਰਸਾਇਣਕ ਖਾਦਾਂ ਪਾਈਆਂ ਗਈਆਂ ਹੋਣ । ਮੱਕੀ ਦੀ ਸਮੇਂ ਸਿਰ ਬਿਜਾਈ ਲਈ ਸੂਰਜਮੁਖੀ ਵਾਲਾ ਖੇਤ ਅੱਧ ਮਈ ਤੱਕ ਖਾਲੀ ਹੋ ਜਾਵੇਗਾ ।
5. ਮੱਕੀ-ਆਲੂ ਮੈਂਥਾ ਇਹ ਫ਼ਸਲੀ ਚੱਕਰ ਝੋਨਾ-ਕਣਕ ਨਾਲੋਂ ਦੁੱਗਣਾ ਲਾਹੇਵੰਦ ਹੈ ਅਤੇ ਇਸ ਨਾਲ ਪਾਣੀ ਦੀ ਕਾਫ਼ੀ ਬੱਚਤ ਹੁੰਦੀ ਹੈ । ਇਸ ਚੱਕਰ ਵਿੱਚ ਮੱਕੀ ਨੂੰ ਅੱਧ ਜੂਨ ਵਿਚ ਬੀਜੋ ਜੋ ਸਤੰਬਰ ਦੇ ਦੂਜੇ ਪੰਦਰਵਾੜੇ ਵਿਚ ਖੇਤ ਨੂੰ ਖਾਲੀ ਕਰ ਦੇਵੇਗੀ । ਇਸ ਤੋਂ ਬਾਅਦ ਆਲੂ (ਕੁਫਰੀ ਚੰਦਰਮੁਖੀ) ਅਕਤੂਬਰ ਦੇ ਪਹਿਲੇ ਹਫ਼ਤੇ ਵਿਚ ਬੀਜੋ ਜਿਹੜੇ ਖੇਤ ਨੂੰ ਅੱਧ ਜਨਵਰੀ ਤੱਕ ਖਾਲੀ ਕਰ ਦੇਣਗੇ। ਇਸ ਤੋਂ ਬਾਅਦ ਜਨਵਰੀ ਦੇ ਦੂਜੇ ਪੰਦਰਵਾੜੇ ਵਿਚ ਮੈਂਥਾ ਲਾਓ ਜੋ ਖੇਤ ਨੂੰ ਜੂਨ ਦੇ ਪਹਿਲੇ ਪੰਦਰਵਾੜੇ ਵਿਚ ਖਾਲੀ ਕਰ ਦੇਵੇਗਾ । ਇਸ ਫ਼ਸਲੀ ਚੱਕਰ ਵਿੱਚ ਜ਼ਮੀਨ ਦਾ ਜੈਵਿਕ ਕਾਰਬਨ, ਫਾਸਫੋਰਸ ਤੇ ਪੋਟਾਸ਼ ਵੀ ਵਧਦਾ ਹੈੇ।
6. ਝੋਨਾ-ਛੋਲੇ-ਗਰਮੀ ਰੁੱਤ ਦੀ ਮੂੰਗੀ ਇਹ ਫ਼ਸਲ ਪ੍ਰਣਾਲੀ ਝੋਨਾ-ਕਣਕ ਫ਼ਸਲੀ ਚੱਕਰ ਨਾਲੋਂ ਵੱਧ ਝਾੜ ਅਤੇ ਜ਼ਿਆਦਾ ਆਮਦਨ ਦਿੰਦੀ ਹੈ । ਇਸ ਲਈ ਝੋਨੇ ਦੀ ਪਨੀਰੀ ਦੀ ਲੁਆਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਕਰਨੀ ਚਾਹੀਦੀ ਹੈ। ਝੋਨੇ ਤੋਂ ਬਾਅਦ ਛੋਲਿਆਂ ਨੂੰ 25 ਅਕਤੂਬਰ ਤੋਂ 10 ਨਵੰਬਰ ਤੱਕ ਕਣਕ ਬੀਜਣ ਵਾਲੇ ਬੈੱਡ ਪਲਾਂਟਰ ਨਾਲ ਬਣਾਈਆਂ ਵੱਟਾਂ ਤੇ ਦੋ ਕਤਾਰਾਂ ਪ੍ਰਤੀ ਬੈੱਡ ਬੀਜਣਾ ਚਾਹੀਦਾ ਹੈ । ਗਰਮੀ ਰੁੱਤ ਦੀ ਮੂੰਗੀ ਦੀ ਬੀਜਾਈ ਅਪ੍ਰੈਲ ਦੇ ਦੂਜੇ-ਤੀਜੇ ਹਫ਼ਤੇ ਵਿੱਚ ਕਰ ਦੇਣੀ ਚਾਹੀਦੀ ਹੈ । ਇਹ ਫ਼ਸਲ ਪ੍ਰਣਾਲੀ ਜ਼ਮੀਨ ਦੀ ਉਪਜਾਊਸ਼ਕਤੀ ਅਤੇ ਜੀਵਾਣੂਆਂ ਦੀ ਗਿਣਤੀ ਝੋਨਾ-ਕਣਕ ਫ਼ਸਲੀ ਚੱਕਰ ਨਾਲੋਂ ਵਧਾਉਂਦੀ ਹੈ।
7. ਮੱਕੀ/ਝੋਨਾ-ਗੋਭੀ ਸਰ੍ਹੋਂ-ਗਰਮੀ ਰੁੱਤ ਦੀ ਮੂੰਗੀ ਇਹ ਫ਼ਸਲੀ ਚੱਕਰ ਮੱਕੀ-ਕਣਕ ਅਤੇ ਝੋਨਾ- ਕਣਕ ਦੇ ਫ਼ਸਲੀ ਚੱਕਰ ਨਾਲੋਂ ਵੱਧ ਝਾੜ ਅਤੇ ਮੁਨਾਫ਼ਾ ਦਿੰਦਾ ਹੈ । ਇਸ ਫ਼ਸਲੀ ਚੱਕਰ ਵਿੱਚ ਮੱਕੀ ਦੀ ਬਿਜਾਈ ਜੂਨ ਦੇ ਪਹਿਲੇ ਪੰਦਰ੍ਹਵਾੜੇ, ਝੋਨੇ ਦੀ ਪਨੀਰੀ ਜੂਨ ਦੇ ਦੂਸਰੇ ਪੰਦਰ੍ਹਵਾੜੇ, ਗੋਭੀ ਸਰ੍ਹੋਂ ਦੀ 10 -30 ਅਕਤੂਬਰ ਅਤੇ ਗਰਮ ਰੁੱਤ ਦੀ ਮੂੰਗੀ ਦੀ ਬੀਜਾਈ ਅਪ੍ਰੈਲ ਦੇ ਪਹਿਲੇ ਪੰਦਰ੍ਹਵਾੜੇ ਵਿੱਚ ਕੀਤੀ ਜਾ ਸਕਦੀ ਹੈ । ਗਰਮ ਰੁੱਤ ਦੀ ਮੂੰਗੀ ਦੀ ਬਿਜਾਈ ਰੌਣੀ ਕਰਨ ਤੋਂ ਤੁਰੰਤ ਬਾਅਦ ਬਿਨਾਂ ਵਹਾਈ ਕੀਤੀ ਜਾ ਸਕਦੀ ਹੈ।
8. ਬਾਸਮਤੀ-ਕਰਨੌਲੀ-ਬਾਜਰਾ (ਚਾਰਾ) ਇਹ ਫ਼ਸਲੀ ਚੱਕਰ ਬਾਸਮਤੀ-ਕਣਕ ਨਾਲੋਂ ਜ਼ਿਆਦਾ ਪੈਦਾਵਾਰ ਅਤੇ ਵਧੇਰੇ ਆਮਦਨ ਦਿੰਦਾ ਹੈ। ਇਸ ਫ਼ਸਲੀ ਚੱਕਰ ਵਿਚ ਬਾਸਮਤੀ ਦੀ ਪਨੀਰੀ ਅੱਧ ਜੁਲਾਈ ਵਿਚ ਲਗਾਓ । ਫ਼ਸਲ ਅੱਧ ਨਵੰਬਰ ਵਿਚ ਖੇਤ ਖਾਲੀ ਕਰ ਦੇਵੇਗੀ । ਇਸ ਉਪਰੰਤ ਦਸੰਬਰ ਮਹੀਨੇ ਵਿਚ ਕਰਨੌਲੀ ਬੀਜੋ, ਜੋ ਮਈ ਦੇ ਪਹਿਲੇ ਪੰਦਰ੍ਹਵਾੜੇ ਵਿਚ ਪੱਕ ਜਾਂਦੀ ਹੈ । ਇਸ ਤੋਂ ਬਾਅਦ ਬਾਜਰੇ ਦੀ ਚਾਰੇ ਲਈ ਭਰਪੂਰ ਫ਼ਸਲ ਲਈ ਜਾ ਸਕਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin