ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਛੋਟੇ ਕਿਸਾਨਾਂ ਨੂੰ ਸੁਪਰ ਸੀਡਰ ਮਸ਼ੀਨਾਂ ਨਹੀਂ ਮਿਲ ਸਕੀਆਂ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮਸ਼ੀਨਾਂ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਬਲਾਕ ਵਿੱਚ 5-5 ਮਸ਼ੀਨਾਂ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਵੀ.ਡੀ.ਓ ਨਾਲ ਮਿਲ ਕੇ ਮਸ਼ੀਨ ਲੈ ਸਕਦੇ ਹਨ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।

 

 ਇਸ ਤੋਂ ਇਲਾਵਾ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਨੇ ਇੱਕ ਜਾਰੀ ਬਿਆਨ ਰਾਹੀਂ ਕਿਹਾ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤੀਆਂ ਹਦਾਇਤਾਂ ਅਨੁਸਾਰ ਸਮੁੱਚਾ ਵਿਭਾਗ ਪਰਾਲੀ ਦੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਦੇਣ ਪ੍ਰਤੀ ਭਰਪੂਰ ਕੋਸ਼ਿਸ਼ਾ ਕਰ ਰਿਹਾ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਲੂ ਸੀਜ਼ਨ ਦੌਰਾਨ ਤਕਰੀਬਨ 32000 ਪਰਾਲੀ ਦੇ ਪ੍ਰਬੰਧ ਲਈ ਸਿਫਾਰਸ਼ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਹਨ।
  

 

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਦਫਤਰਾਂ ਵੱਲੋਂ ਜਾਰੀ ਕੀਤੀਆਂ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਦੀ ਪ੍ਰਵਾਨਗੀ ਅਨੁਸਾਰ ਜਲਦ ਤੋਂ ਜਲਦ ਮਸ਼ੀਨਾਂ ਦੀ ਖਰੀਦ ਕਰਨ। ਇਸ ਤੋਂ ਇਲਾਵਾ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਸ਼ੀਨਾਂ ਕਿਰਾਏ ’ਤੇ ਮੁਹੱਈਆ ਕਰਵਾਉਣ ਲਈ ਸੂਬੇ ਭਰ ’ਚ ਤਕਰੀਬਨ 22000 ਖੇਤੀ ਮਸ਼ੀਨਰੀ ਸੇਵਾ ਸੈਂਟਰ ਕੰਮ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਸਰਕਾਰ ਵੱਲੋਂ ਪਰਾਲੀ ਦੀ ਸੰਭਾਲ ਲਈ ਸਬਸਿਡੀ ’ਤੇ ਮੁਹੱਈਆ ਕੀਤੀਆਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਦੇ ਹੋਏ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾਵੇ। 

 

ਇਸ ਪਰਾਲ ਰੂਪੀ ਕੀਮਤੀ ਸਰਮਾਏ ਨੂੰ ਨਾ ਸਾਡ਼ਿਆ ਜਾਵੇੇ ਬਲਕਿ ਇਸ ਨੂੰ ਖੇਤਾਂ ’ਚ ਮਿਲਾਉਦੇ ਹੋਏ ਧਰਤੀ ਦੀ ਉਪਜਾਉ ਸ਼ਕਤੀ ’ਚ ਵਾਧਾ ਕੀਤਾ ਜਾਵੇੇ। ਡਾ. ਗੁਰਵਿੰਦਰ ਸਿੰਘ ਨੇ ਵਿਭਾਗ ਦੇ ਸਾਰੇ ਸਟਾਫ ਨੂੰ ਸਖਤ ਹਦਾਇਤ ਕੀਤੀ ਕਿ ਉਹ ਪਿੰਡ ਪਿੰਡ ਝੋਨੇ ਦੀ ਪਰਾਲੀ ਨੂੰ ਨਾ ਸਾਡ਼ਨ ਦਾ ਸੁਨੇਹਾ ਪਹੁੰਚਾਉਣ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀ ਪਰਾਲੀ ਸੰਭਾਲ ਮੁਹਿੰਮ ਤਹਿਤ ਉਪਲਭਧ ਬਜਟ ਦਾ ਕਿਸਾਨ ਹਿੱਤ ਵਿਚ ਇਸਤੇਮਾਲ ਕਰਦੇ ਹੋਏ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। 

 

ਦੱਸ ਦੇਈਏ ਕਿ ਇਸ ਤੋਂ ਨਾਲ ਹੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿਚ ਯੋਗ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪਰਾਲੀ ਅਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ।

 

ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਹਿਲਾਂ ਵੀ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਪ੍ਰਸ਼ਾਸ਼ਨ ਜ਼ਿਆਦਾ ਚੌਕਸੀ ਵਰਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਰਾਹੀਂ ਵੀ ਸਮਝਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬੱਚਿਆਂ ਨੂੰ ‘ਗੰਧਲਾ ਤੇ ਪ੍ਰਦੂਸ਼ਿਤ’ ਭਵਿੱਖ ਮਿਲੇਗਾ। ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਹਰ ਹਾਲਤ ਵਿਚ ਰੋਕੇ ਜਾਣ ਅਤੇ ਇਸ ਬਾਬਤ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।