ਸ਼ਿਓਪੁਰ (ਮੱਧ ਪ੍ਰਦੇਸ਼): ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਅੱਜ ਆਪਣੇ ਲੋਕ ਸਭਾ ਹਲਕੇ ਮੁਰੈਨਾ ਦੇ ਸ਼ਿਓਪੁਰ ’ਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦੇ ਸਮੇਂ ਨਾਰਾਜ਼ ਸਥਾਨਕ ਲੋਕਾਂ ਨੇ ਘੇਰ ਲਿਆ ਤੇ ਉਨ੍ਹਾਂ ਦੇ ਵਾਹਨਾਂ ਦੇ ਕਾਫਲੇ ’ਤੇ ਚਿੱਕੜ ਸੁੱਟਿਆ।
ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਤੋਮਰ ਸ਼ਨੀਵਾਰ ਜਦੋਂ ਹੜ੍ਹ ਪੀੜਤਾਂ ਨੂੰ ਮਿਲਣ ਕਰਾਟੀਆ ਬਾਜ਼ਾਰ ਪੁੱਜੇ ਤਾਂ ਗੁੱਸੇ ’ਚ ਆਏ ਲੋਕਾਂ ਨੇ ਉਨ੍ਹਾਂ ਦਾ ਘਿਰਾਓ ਕੀਤਾ ਤੇ ਕਿਹਾ ਕਿ ਉਹ ਬਹੁਤ ਦੇਰ ਬਾਅਦ ਇੱਥੇ ਆਏ ਹਨ। ਗੁੱਸੇ ’ਚ ਆਏ ਲੋਕਾਂ ਨੇ ਉਨ੍ਹਾਂ ਦੇ ਵਾਹਨਾਂ ’ਤੇ ਚਿੱਕੜ ਤੇ ਸੁੱਕੀਆਂ ਲੱਕੜਾਂ ਸੁੱਟੀਆਂ।
ਉਧਰ, ਸੰਯੁਕਤ ਕਿਸਾਨ ਮੋਰਚਾ ਨੇ ਵੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਘੇਰਿਆ ਹੈ। ਕਿਸਾਨ ਮੋਰਚਾ ਨੇ ਤੋਮਰ ਉੱਪਰ ਦੇਸ਼ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ ਹਨ। ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਮੋਰਚਾ ਸਰਕਾਰ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਨਿਰੰਤਰ ਯਤਨਸ਼ੀਲ ਹੈ, ਸੰਵਾਦ ਤੇ ਸੰਵਿਧਾਨਕ ਪ੍ਰਕਿਰਿਆਵਾਂ ਵਿੱਚ ਪੱਕਾ ਵਿਸ਼ਵਾਸ ਰੱਖਦਾ ਹੈ ਪਰ ਬਦਕਿਸਮਤੀ ਇਹ ਹੈ ਕਿ ਸਰਕਾਰ ਅਗਾਊਂ ਸ਼ਰਤਾਂ ਲਾ ਕੇ ਘਮੰਡੀ ਵਿਹਾਰ ਕਰ ਰਹੀ ਹੈ। ਇਸ ਲਈ ਗੱਲਬਾਤ ਰੁਕੀ ਹੋਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਜਾਇਜ਼ ਸਰੋਕਾਰਾਂ ਨੂੰ ਸਮਝਣਾ ਚਾਹੀਦਾ ਹੈ ਤੇ ਵਾਰਤਾ ਦੇ ਅੱਗੇ ਨਾ ਚੱਲਣ ਦੇ ਅਸਲ ਕਾਰਨਾਂ ਬਾਰੇ ਦੇਸ਼ ਨੂੰ ਗੁੰਮਰਾਹ ਕਰਨ ਦੀ ਬਜਾਏ ਸਾਰੇ ਮੁੱਦਿਆਂ ਉਤੇ ਸੰਵਾਦ ਰਚਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਕਿਸਾਨ ਲੀਡਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਵੱਲੋਂ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ 15 ਅਗਸਤ ਨੂੰ ਕਿਸਾਨਾਂ ਦੁਆਰਾ ਆਜ਼ਾਦੀ ਦਿਵਸ ਵਾਲੇ ਦਿਨ ਦਿੱਲੀ ਵਿੱਚ ਝੰਡਾ ਲਹਿਰਾਇਆ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ