Agriculture News: ਜਲ ਸਰੋਤ ਵਿਭਾਗ ਨੇ ਪੰਜਾਬ ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਤੇ ਅਬੋਹਰ ਬਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। 


ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬਰਾਂਚ ਤੇ ਪੀ.ਐਨ.ਸੀ. ਜੋ ਗਰੁੱਪ ’ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। 



ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਵਾਹੇ ਜਿਹੜੇ ਕਿ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬਰਾਂਚ ਲੋਅਰ ਤੇ ਇਸ ਦੇ ਰਜਵਾਹੇ ਜੋ ਕਿ ਗਰੁੱਪ ’ਬੀ’ ਵਿਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। 


ਇਸੇ ਤਰ੍ਹਾਂ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬਰਾਂਚ ਲੋਅਰ ਅਤੇ ਇਸ ਦੇ ਰਜਵਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬਰਾਂਚ, ਕਸੂਰ ਬਰਾਂਚ, ਸਭਰਾਉ ਬਰਾਂਚ ਅਤੇ ਇਨ੍ਹਾਂ ਦੇ ਰਜਵਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।



20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ 


ਇਸੇ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਖੁਸ਼ਖਬਰੀ ਹੈ। ਡੀਐਸਆਰ ਤਕਨੀਕ ਰਾਹੀਂ ਝੋਨਾ ਬੀਜਣ ਲਈ 20 ਮਈ ਤੋਂ ਹੀ ਬਿਜਲੀ ਸਪਲਾਈ ਸ਼ੁਰੂ ਹੋ ਜਾਏਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਤੀ ਏਕੜ 1500 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਂਝ ਸਰਕਾਰ ਨੇ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਪਰ ਡੀਐਸਆਰ ਤਕਨੀਕ ਰਾਹੀਂ ਝੋਨਾ 20 ਮਈ ਤੋਂ ਹੀ ਲਾਇਆ ਜਾ ਸਕੇਗਾ।



ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਪੀਆਰ ਕਿਸਮਾਂ ਨੂੰ ਹੀ ਅਪਣਾਉਣਾ ਚਾਹੀਦਾ ਹੈ।