ਮੁੱਖ ਮੰਤਰੀ ਭਗਵੰਤ ਮਾਨ ਨੇ ਕਰਜ਼ ਵਸੂਲੀ ਲਈ ਬੈਂਕਾਂ ਵਾਲਿਆਂ ਨੂੰ ਕਿਸਾਨਾਂ ਦੀ ਗ੍ਰਿਫਤਾਰੀ ਦੀ ਖੁੱਲ੍ਹ ਦਿੱਤੀ, ਕਿਸਾਨ ਲੀਡਰ ਰਾਜੇਵਾਲ ਦਾ ਵੱਡਾ ਇਲਜ਼ਾਮ
Balbir Rajewal's allegation on CM Mann: ਦੱਸ ਦਈਏ ਕਿ ਬਲਬੀਰ ਰਾਜੇਵਾਲ ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਸੀ। ਇਹ ਅੰਦੋਲਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਹੋਇਆ।
ਚੰਡੀਗੜ੍ਹ: ਕਿਸਾਨ ਲੀਡਰ ਬਲਬੀਰ ਰਾਜੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੇ ਬੈਂਕਾਂ ਨੂੰ ਕਰਜ਼ੇ ਦੀ ਵਸੂਲੀ ਲਈ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ। ਰਾਜੇਵਾਲ ਨੇ ਦੱਸਿਆ ਕਿ ਸਰਕਾਰ ਨੇ ਸਹਿਕਾਰੀ ਬੈਂਕਾਂ ਦੇ ਕਰਜ਼ਿਆਂ ਦੀ ਵਸੂਲੀ ਲਈ ਧਾਰਾ 67ਏ ਤਹਿਤ ਸਹਿਕਾਰੀ ਸੰਸਥਾਵਾਂ ਦੇ ਮੁਲਾਜ਼ਮਾਂ ਨੂੰ ਇਹ ਛੋਟ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਗਵੰਤ ਮਾਨ ਸਰਕਾਰ ਦਾ ਧੋਖਾ ਕਰਾਰ ਦਿੱਤਾ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਰਾਜੇਵਾਲ ਨੇ ਦੱਸਿਆ ਕਿ ਲੰਮੇ ਸੰਘਰਸ਼ ਤੋਂ ਬਾਅਦ ਬਰਨਾਲਾ ਸਰਕਾਰ ਵੇਲੇ ਸਹਿਕਾਰੀ ਐਕਟ ਦੀ ਧਾਰਾ 67 ਨੂੰ ਮੁਅੱਤਲ ਕੀਤਾ ਗਿਆ ਸੀ। ਡਿਫਾਲਟਰ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਲਈ ਇਸ ਧਾਰਾ ਤਹਿਤ ਗ੍ਰਿਫਤਾਰੀ ਦੀ ਵਿਵਸਥਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਦਿਨੀਂ ਜਲਾਲਾਬਾਦ ਵਿੱਚ ਧਾਰਾ 67ਏ ਤਹਿਤ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।
ਰਾਜੇਵਾਲ ਨੇ ਕਿਹਾ ਕਿ ਜੋ ਕੰਮ ਪਿਛਲੇ 35 ਸਾਲਾਂ 'ਚ ਨਹੀਂ ਹੋਇਆ, ਉਹ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਇੱਕ ਮਹੀਨੇ 'ਚ ਕਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮਾਨ ਸਰਕਾਰ ਆਪਣਾ ਫੈਸਲਾ ਤੁਰੰਤ ਵਾਪਸ ਲਵੇ। ਕਰਜ਼ਿਆਂ ਦੀ ਵਸੂਲੀ ਲਈ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ, ਨਹੀਂ ਤਾਂ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਦੱਸ ਦਈਏ ਕਿ ਬਲਬੀਰ ਰਾਜੇਵਾਲ ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਸੀ। ਇਹ ਅੰਦੋਲਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਹੋਇਆ। ਜਿਸ ਕਾਰਨ ਕੇਂਦਰ ਨੂੰ ਕਾਨੂੰਨ ਵਾਪਸ ਲੈਣਾ ਪਿਆ। ਇੱਥੋਂ ਵਾਪਸ ਆ ਕੇ ਰਾਜੇਵਾਲ ਦੀ ਅਗਵਾਈ ਹੇਠ 22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਬਣਾ ਕੇ ਚੋਣ ਲੜੀ। ਹਾਲਾਂਕਿ ਉਹ ਇੱਕ ਵੀ ਸੀਟ ਨਹੀਂ ਜਿੱਤ ਸਕੇ। ਉਧਰ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਵੀ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ।
ਇਹ ਵੀ ਪੜ੍ਹੋ: Punjab Police: ਕੁਮਾਰ ਵਿਸ਼ਵਾਸ ਮਗਰੋਂ ਦਿੱਲੀ ਦੇ ਕਾਂਗਰਸੀ ਲੀਡਰ ਘਰ ਪਹੁੰਚੀ ਪੰਜਾਬ ਪੁਲਿਸ, ਆਗੂ ਨੇ ਟਵੀਟ ਕਰ ਕੀਤਾ ਇਹ ਦਾਅਵਾ