ਬਰਨਾਲਾ: ਕਰਜ਼ਾ ਮੁਆਫ਼ੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਹਿਲੀ ਤੋਂ ਪੰਜ ਜਨਵਰੀ ਤੱਕ ਪੰਜਾਬ ਭਰ ਵਿੱਚ ਬੈਂਕਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਅੱਜ ਧਰਨੇ ਦੇ ਚੌਥੇ ਦਿਨ ਬਰਨਾਲਾ ਦੀ ਦਾਣਾ ਮੰਡੀ ਨਜ਼ਦੀਕ ਭਾਰਤੀ ਸਟੇਟ ਬੈਂਕ ਅੱਗੇ ਰੋਸ ਧਰਨਾ ਕੀਤਾ ਗਿਆ। ਇਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ। ਇਸ ਧਰਨੇ ਵਿੱਚ ਕਿਸਾਨ ਔਰਤਾਂ ਵੀ ਸ਼ਾਮਲ ਹੋਈਆਂ। ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਕਾਫੀ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਸਟੇਟ ਆਗੂ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਕਿਸਾਨਾਂ, ਨੌਜਵਾਨਾਂ ਤੇ ਮਜ਼ਦੂਰਾਂ ਨਾਲ ਜਿਹੜੇ ਵਾਅਦੇ ਕਰਕੇ ਕੈਪਟਨ ਸਰਕਾਰ ਸੱਤਾ ਵਿਚ ਆਈ ਸੀ, ਉਨ੍ਹਾਂ ਵਿੱਚੋਂ ਹਾਲੇ ਤਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬੈਂਕਾਂ ਖਾਲੀ ਚੈੱਕਾਂ ’ਤੇ ਦਸਤਖ਼ਤ ਕਰਵਾ ਕੇ ਕਿਸਾਨਾਂ ਤੇ ਜਿਹੜੇ ਕੇਸ ਕਰਦੀਆਂ ਹਨ, ਉਹ ਗੈਰ ਕਾਨੂੰਨੀ ਹਨ।

ਜੇਠੂਕੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸੰਘਰਸ਼ ਤੇ ਲੋਕਾਂ ਦੀ ਸ਼ਕਤੀ ਨਾਲ ਸਾਰੀਆਂ ਮੰਗਾਂ ਮਨਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜ ਜਨਵਰੀ ਨੂੰ ਧਰਨੇ ਦੀ ਸਮਾਪਤੀ ਵਾਲੇ ਦਿਨ ਵੱਡਾ ਐਲਾਨ ਕੀਤਾ ਜਾਵੇਗਾ। ਇਸ ਤੋਂ ਬਾਅਦ 18 ਜਨਵਰੀ ਨੂੰ ਸੱਤ ਕਿਸਾਨ ਜਥੇਬੰਦੀਆਂ ਪੰਜਾਬ ਭਰ ਦੇ ਡੀਸੀ ਦਫਤਰਾਂ ਅੱਗੇ ਰੋਸ ਧਰਨੇ ਦੇਣਗੀਆਂ।