ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਵੱਡਾ ਐਕਸ਼ਨ, ਐਫਸੀਆਈ ਨੇ ਸਰਕਾਰ ਤੋਂ ਮੰਗੀ ਸੁਰੱਖਿਆ
ਕਿਸਾਨ ਅੱਜ ਦੇਸ਼ ਭਰ ਵਿੱਚ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੇ ਦਫਤਰਾਂ ਦਾ ਘਿਰਾਓ ਕਰਨਗੇ। ਪੰਜਾਬ ਵਿੱਚ ਇਸ ਦਾ ਵੱਡਾ ਅਸਰ ਵੇਖਣ ਨੂੰ ਮਿਲੇਗਾ। ਇਸ ਲਈ ਭਾਰਤੀ ਖੁਰਾਕ ਨਿਗਮ ਦੇ ਖੇਤਰੀ ਜਨਰਲ ਮੈਨੇਜਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਖੁਰਾਕ ਨਿਗਮ ਦੇ ਦਫਤਰਾਂ, ਸਟਾਫ ਤੇ ਅਨਾਜ ਭੰਡਾਰ ਲਈ ਸੁਰੱਖਿਆ ਮੰਗੀ ਹੈ।
ਨਵੀਂ ਦਿੱਲੀ: ਕਿਸਾਨ ਅੱਜ ਦੇਸ਼ ਭਰ ਵਿੱਚ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੇ ਦਫਤਰਾਂ ਦਾ ਘਿਰਾਓ ਕਰਨਗੇ। ਪੰਜਾਬ ਵਿੱਚ ਇਸ ਦਾ ਵੱਡਾ ਅਸਰ ਵੇਖਣ ਨੂੰ ਮਿਲੇਗਾ। ਇਸ ਲਈ ਭਾਰਤੀ ਖੁਰਾਕ ਨਿਗਮ ਦੇ ਖੇਤਰੀ ਜਨਰਲ ਮੈਨੇਜਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਖੁਰਾਕ ਨਿਗਮ ਦੇ ਦਫਤਰਾਂ, ਸਟਾਫ ਤੇ ਅਨਾਜ ਭੰਡਾਰ ਲਈ ਸੁਰੱਖਿਆ ਮੰਗੀ ਹੈ। ਇਸ ਲਈ ਪੰਜਾਬ ਪੁਲਿਸ ਵੱਲੋਂ ਖੁਰਾਕ ਨਿਗਮ ਦੀਆਂ ਇਮਾਰਤਾਂ ’ਤੇ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚਾਰ ਮਹੀਨੇ ਤੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਕਿਸਾਨ ਨਿੱਤ ਨਵੇਂ ਐਕਸ਼ਨ ਕਰ ਰਹੇ ਹਨ ਪਰ ਸਰਕਾਰ ਗੱਲ ਸੁਣਨ ਨੂੰ ਤਿਆਰ ਨਹੀਂ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਅਪਰੈਲ ਨੂੰ ਦੇਸ਼ ਭਰ ਵਿੱਚ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੇ ਦਫਤਰਾਂ ਦੇ ਘਿਰਾਓ ਦਾ ਸੱਦਾ ਦਿੱਤਾ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਐਫਸੀਆਈ ਦਾ ਗਲਾ ਘੁੱਟ ਕੇ ਕਾਰਪੋਰੇਟਾਂ ਨੂੰ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਦਾ ਕੰਮ ਸੌਂਪਣ ਲਈ ਜ਼ਖੀਰੇਬਾਜ਼ੀ ਖ਼ਿਲਾਫ਼ ਕਾਨੂੰਨ ਨੂੰ ਪੇਤਲਾ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਤੇ ਐਫਸੀਆਈ ਦੀ ਖਰੀਦ ਪ੍ਰਣਾਲੀ ਮਜ਼ਬੂਤ ਕਰਨ ਦੀ ਮੰਗ ’ਤੇ ਦੇਸ਼ ਭਰ ਵਿੱਚ ਸਰਕਾਰੀ ਖਰੀਦ ਏਜੰਸੀ ਦੇ ਦਫ਼ਤਰਾਂ ਦਾ ਕਿਸਾਨ ਘਿਰਾਓ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਘੱਟੋ-ਘੱਟ ਖਰੀਦ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਸਥਾਨਕ ਅਧਿਕਾਰੀਆਂ ਰਾਹੀਂ ਖਪਤਕਾਰ ਮਾਮਲਿਆਂ ਦੇ ਮੰਤਰੀ ਨੂੰ ਮੰਗ ਪੱਤਰ ਕੇਂਦਰ ਨੂੰ ਭੇਜਿਆ ਜਾ ਰਿਹਾ ਹੈ। ਮੋਰਚੇ ਨੇ ਮੰਗ ਕੀਤੀ ਕਿ ਜ਼ਮੀਨ ਦੀ ਜ਼ਮ੍ਹਾਂਬੰਦੀ ਜਮ੍ਹਾਂ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ ਤੇ ਫਸਲ ਦੀ ਅਦਾਇਗੀ ਕਾਸ਼ਤਕਾਰ ਨੂੰ ਕੀਤੀ ਜਾਵੇ।
ਪੰਜਾਬ ਦੀਆਂ 32 ਕਿਸਾਨ ਧਿਰਾਂ ਵੱਲੋਂ ਪੰਜਾਬ ਵਿਚਲੇ ਸੈਂਕੜੇ ਦਫਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਭਾਰਤੀ ਖੁਰਾਕ ਨਿਗਮ ਦਾ ਸਮੁੱਚਾ ਕੰਮ-ਕਾਰ ਅੱਜ ਠੱਪ ਰਹੇਗਾ। ਖੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਵੀ 3 ਅਪਰੈਲ ਨੂੰ ਡੀਜੀਪੀ ਪੰਜਾਬ ਨੂੰ ਪੱਤਰ ਭੇਜ ਕੇ ਖੁਰਾਕ ਨਿਗਮ ਦੇ ਸਟਾਫ ਤੇ ਭੰਡਾਰ ਦੀ ਸੁਰੱਖਿਆ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਬਾਰੇ ਲਿਖ ਦਿੱਤਾ ਸੀ। ਕਿਸਾਨ ਧਿਰਾਂ ਵੱਲੋਂ ਅੱਜ 11 ਤੋਂ ਸ਼ਾਮ 5 ਵਜੇ ਤੱਕ ਐੱਫਸੀਆਈ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਣਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :