Amritsar News: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਬਾਰਸ਼ ਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਕਣਕ ਦਾ ਮੁਆਵਜ਼ਾ ਸਰਕਾਰ ਵੱਲੋਂ ਮੰਡੀਆਂ ’ਚ ਫ਼ਸਲ ਵੇਚਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗਿਰਦਾਵਰੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਉਹ ਸ਼ਨੀਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨ ਮੌਕੇ ਪਹੁੰਚੇ ਸਨ। 


ਇਸ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਰਾਏ ਨਾਲ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਰਾਏ ਨਾਲ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ। 



ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਖਰਾਬ ਹੋਈ ਫਸਲ ਦਾ ਮੁਆਵਜ਼ਾ ਫ਼ਸਲ ਵਿਕਣ ਮਗਰੋਂ ਅਦਾਇਗੀ ਦੇ ਨਾਲ ਹੀ ਦੇਣ ਜਾ ਰਹੀ ਹੈ ਤੇ ਇਸ ਕੰਮ ਲਈ ਗਿਰਦਾਵਰੀ ਦਾ ਕੰਮ ਹੋ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਗਲਤ ਰਿਪੋਰਟ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਲਾਲਚ ਨਾ ਦੇਣ ਤੇ ਜੇਕਰ ਕੋਈ ਅਧਿਕਾਰੀ ਇਨਸਾਫ਼ ਨਹੀਂ ਦਿੰਦਾ ਤਾਂ ਉਸ ਦੀ ਸ਼ਿਕਾਇਕ ਕੀਤੀ ਜਾਵੇ। ਉਨ੍ਹਾਂ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨਾਂ ਨੂੰ ਵਿਭਿੰਨਤਾ ਦੀ ਖੇਤੀ ਕਰਨ ਦਾ ਸੁਝਾਅ ਵੀ ਦਿੱਤਾ। 


ਇਸ ਮੌਕੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਧਿਕਾਰੀ ਡਾ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਵਾਰ ਝੋਨੇ ਤੇ ਬਾਸਮਤੀ ਹੇਠ ਰਕਬਾ ਲਗਪਗ 1,80,000 ਹੈਕਟੇਅਰ ਆਉਣ ਦੀ ਸੰਭਾਵਨਾ ਹੈ ਜਿਸ ਵਿੱਚੋਂ 1,30,000 ਹੈਕਟੇਅਰ ਬਾਸਮਤੀ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਦੋਂਕਿ ਪਿਛਲੇ ਸਾਲ ਬਾਸਮਤੀ ਹੇਠ ਰਕਬਾ 1,08,052 ਹੈਕਟੇਅਰ ਸੀ।