Punjab News: ਕਿਸਾਨਾਂ ਲਈ ਖੁਸ਼ਖਬਰੀ ਆਈ ਹੈ। ਸਟੇਟ ਬੈਂਕ ਆਫ ਇੰਡੀਆ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਐਸਬੀਆਈ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ, ਸੀਐਮਸੀ ਮਸ਼ੀਨਾਂ ਖਰੀਦਣ ਲਈ ਆਸਾਨ ਕਿਸ਼ਤਾਂ ਤੇ ਘੱਟ ਵਿਆਜ ’ਤੇ ਪੈਸਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਸਟੇਟ ਬੈਂਕ ਆਫ ਇੰਡੀਆ ਨੇ ਇਸ ਸਬੰਧੀ ਪੰਜਾਬ ਦੀ ਸਭ ਤੋਂ ਵੱਡੀ ਖੇਤੀਬਾੜੀ ਔਜ਼ਾਰ ਬਣਾਉਣ ਵਾਲੀ ਕੰਪਨੀ ‘ਐਗਰੀਜ਼ੋਨ’ ਨਾਲ ਸਮਝੌਤਾ ਕੀਤਾ ਹੈ। 


ਜੀਐਸਏ ਇੰਡਸਟਰੀ ‘ਐਗਰੀਜ਼ੋਨ’ ਦੌਲਤਪੁਰ ਪਟਿਆਲਾ ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਡੀਜੀਐਮ ਚੰਡੀਗੜ੍ਹ ਵਿਪਨ ਗੁਪਤਾ ਤੇ ਬੈਂਕ ਦੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਗਾਮੀ ਝੋਨੇ ਦੀ ਵਾਢੀ ਦੇ ਸੀਜ਼ਨ ਵਿੱਚ ਪਰਾਲੀ ਤੇ ਪ੍ਰਦੂਸ਼ਣ ਦੀ ਸਮੱਸਿਆਂ ਨੂੰ ਹੱਲ ਕਰਨ ਲਈ ਬੈਂਕ ਬਹੁਤ ਹੀ ਘੱਟ ਵਿਆਜ ਅਤੇ ਆਸਾਨ ਕਿਸ਼ਤਾਂ ’ਤੇ ਔਜ਼ਾਰ ਖ਼ਰੀਦਣ ਵਿੱਚ ਕਿਸਾਨਾਂ ਦੀ ਮਦਦ ਕਰੇਗਾ ਤੇ ਕਿਸਾਨਾਂ ਨੂੰ 72 ਘੰਟੇ ਵਿੱਚ ਕਰਜ਼ ਉਪਲਬੱਧ ਕਰਵਾਇਆ ਜਾਵੇਗਾ। 


ਕੰਪਨੀ ਦੇ ਐਮਡੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਹੁਣ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਦਿੱਤੀ ਜਾਂਦੀ 50 ਤੋਂ 80 ਫ਼ੀਸਦੀ ਸਬਸਿਡੀ ਤੋਂ ਬਾਅਦ ਜੋ ਰਕਮ ਬਚੇਗੀ, ਨੂੰ ਕਿਸਾਨ ਆਸਾਨ ਕਿਸ਼ਤਾਂ ਤੇ ਘੱਟ ਵਿਆਜ ’ਤੇ ਆਪਣੀ ਮਰਜ਼ੀ ਮੁਤਾਬਕ ਦੇ ਸਕਣਗੇ। ਸਟੇਟ ਬੈਂਕ ਆਫ ਇੰਡੀਆ ਦੇ ਡੀਜੀਐਮ ਵਿਪਨ ਗੁਪਤਾ ਨੇ ਦੱਸਿਆ ਕਿ ਹੁਣ ਕਿਸਾਨਾਂ ਨੂੰ ਆਸਾਨ ਕਿਸ਼ਤਾਂ ਤੇ ਘੱਟ ਵਿਆਜ ’ਤੇ ਖੇਤੀ ਸੰਦ ਮੁਹੱਈਆ ਕਰਵਾਏ ਜਾਣਗੇ।


ਅਨਾਜ ਮੰਡੀਆਂ 'ਚੋਂ ਹਟਣਗੇ ਨਾਜਾਇਜ਼ ਕਬਜ਼ੇ


ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾਂ ਤੇ ਪਖਾਨੇ ਜਿਹੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸੂਬੇ ਭਰ ਦੇ ਸਾਰੇ 1806 ਖਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।


ਧਾਲੀਵਾਲ ਨੇ ਕਿਹਾ ਕਿ ਸਰਕਾਰ ਇਸ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਮੰਡੀ ਬੋਰਡ ਵੱਲੋਂ ਨਿਰਵਿਘਨ ਖਰੀਦ ਲਈ ਕੀਤੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਤੇ ਚੁਕਾਈ ਦੇ ਨਾਲ-ਨਾਲ ਅਨਾਜ ਮੰਡੀਆਂ ’ਚ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।