ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਵਾਲਾਂ ਦੇ ਘੇਰੇ ਵਿੱਚ ਹਨ। ਇੱਕ ਪਾਸੇ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਬਾਰੇ ਸੁਖਬੀਰ ਬਾਦਲ ਦੇ ਸਟੈਂਡ ਤੋਂ ਔਖੀਆਂ ਹਨ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਅਕਾਲੀ ਦਲ ਨੂੰ ਘੇਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦੇ ਰਹੀਆਂ।
ਇਸ ਮੁੱਦੇ ਨੂੰ ਲੈ ਕੇ ਜੇਲ੍ਹ ਭਰੋ ਅੰਦੋਲਨ ਛੇੜਨ ਵਾਲੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਘੇਰਾਬੰਦੀ ਕਰਦਿਆਂ ਕਿਹਾ ਹੈ ਕਿ ਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਫਿਕਰ ਹੈ ਤਾਂ ਉਹ ਫੌਰੀ ਕੇਂਦਰ ਸਰਕਾਰ ਤੋਂ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ ਕਰਨ। ਕਿਸਾਨ ਲੀਡਰਾਂ ਨੇ ਖ਼ਬਰਦਾਰ ਕੀਤਾ ਕਿ ਜੇਕਰ ਖੇਤੀ ਆਰਡੀਨੈਂਸ ਵਾਪਸ ਨਾ ਲਏ ਗਏ ਤਾਂ ਪੰਜਾਬ ਵਿੱਚ ਅਸ਼ਾਂਤੀ ਫੈਲ ਸਕਦੀ ਹੈ।
ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਕਿਸਾਨਾਂ ਪ੍ਰਤੀ ਸੰਜੀਦਗੀ ਸਿੱਧ ਕਰਨ ਲਈ ਕੇਂਦਰ ਸਰਕਾਰ ਦਾ ਸਾਥ ਛੱਡਣ ਦੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਆਰਡੀਨੈਂਸ ਲਿਆਉਣ ਵਿੱਚ ਅਕਾਲੀ ਦਲ ਦਾ ਵੀ ਹੱਥ ਹੈ ਤੇ ਉਨ੍ਹਾਂ ਆਰਡੀਨੈਂਸਾਂ ਦੀ ਬਿਨਾਂ ਸ਼ਰਤ ਹਮਾਇਤ ਵੀ ਕੀਤੀ ਸੀ। ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਪੁੱਛਿਆ ਹੈ ਕਿ ਜਦੋਂ ਵੀ ਕੇਂਦਰ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਪੇਸ਼ ਕਰੇਗੀ ਤਾਂ ਕੀ ਅਕਾਲੀ ਲੀਡਰ ਇਨ੍ਹਾਂ ਖਿਲਾਫ਼ ਵੋਟ ਪਾਉਣ ਲਈ ਤਿਆਰ ਹਨ?
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਪਹਿਲੀ ਵਾਰ ਆਪਣੀ ਪਾਰਟੀ ਅੰਦਰੋਂ ਤੇ ਬਾਹਰੋਂ ਚੁਣੌਤੀ ਖੜ੍ਹੀ ਹੋਈ ਹੈ ਕਿਉਂਕਿ ਸੁਖਬੀਰ ਦੇ ਖੇਤੀ ਆਰਡੀਨੈਂਸਾਂ ਦੀ ਥਾਂ ਕੁਰਸੀ ਬਚਾਉਣ ਦੇ ਫ਼ੈਸਲੇ ਨੇ ਅਕਾਲੀ ਦਲ ਦੀ ਹੋਂਦ ਨੂੰ ਹੀ ਖਤਰਾ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਹੁਣ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ ਜਿਸ ਕਰ ਕੇ ਸੁਖਬੀਰ ਬਾਦਲ ਹੁਣ ਯੂ-ਟਰਨ ਲੈਣ ਲੱਗੇ ਹਨ। ਜਾਖੜ ਨੇ ਕਿਹਾ ਕਿ ਸੁਖਬੀਰ ਦਾ ਸਟੈਂਡ ਪਾਰਟੀ ਹਿੱਤਾਂ ਖਿਲਾਫ ਰਿਹਾ ਹੈ ਤੇ ਕੁਰਸੀ ਲਈ ਕੇਂਦਰ ਅੱਗੇ ਪਾਰਟੀ ਨੂੰ ਗੋਡੇ ਟੇਕਣੇ ਪਏ ਹਨ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਹਾ ਹੈ ਕਿ ਉਹ ਇਧਰ-ਉਧਰ ਦੀਆਂ ਗੱਲਾਂ ਕਰਨ ਦੀ ਥਾਂ ਇਹ ਸਪੱਸ਼ਟ ਕਰਨ ਕਿ ਉਹ ਕੇਂਦਰ ਵੱਲੋਂ ਲਿਆਂਦੇ ਖੇਤੀ ਆਰਡੀਨੈਸਾਂ ਨੂੰ ਕਿਸਾਨ ਪੱਖੀ ਸਮਝਦੇ ਹਨ ਜਾਂ ਕਿਸਾਨ ਮਾਰੂ। ਉਨ੍ਹਾਂ ਇਹ ਵੀ ਸਪਸ਼ਟ ਕਰਨ ਲਈ ਕਿਹਾ ਕਿ ਪਾਰਲੀਮੈਂਟ ਸੈਸ਼ਨ ਦੌਰਾਨ ਅਕਾਲੀ ਦਲ ਆਰਡੀਨੈਸਾਂ ਦੇ ਹੱਕ ਵਿੱਚ ਭੁਗਤੇਗਾ ਜਾਂ ਵਿਰੋਧ ਕਰੇਗਾ।
ਸੁਖਬੀਰ ਬਾਦਲ 'ਤੇ ਸਵਾਲਾਂ ਦੀ ਬੁਛਾੜ, ਆਖਰ ਅਕਾਲੀ ਦਲ ਦਾ ਕੀ ਸਟੈਂਡ?
ਏਬੀਪੀ ਸਾਂਝਾ
Updated at:
14 Sep 2020 11:50 AM (IST)
ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਵਾਲਾਂ ਦੇ ਘੇਰੇ ਵਿੱਚ ਹਨ। ਇੱਕ ਪਾਸੇ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਬਾਰੇ ਸੁਖਬੀਰ ਬਾਦਲ ਦੇ ਸਟੈਂਡ ਤੋਂ ਔਖੀਆਂ ਹਨ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ ਅਕਾਲੀ ਦਲ ਨੂੰ ਘੇਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦੇ ਰਹੀਆਂ।
ਪੁਰਾਣੀ ਤਸਵੀਰ
- - - - - - - - - Advertisement - - - - - - - - -