ਨਵੀਂ ਦਿੱਲੀ: ਮੋਦੀ ਸਰਕਾਰ ਦੇ ਆਖ਼ਰੀ ਪੂਰਨ ਆਮ ਬਜਟ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਈ ਵੱਡੇ ਐਲਾਨ ਕੀਤੇ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖ਼ਾਸ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਆਮ ਬਜਟ ਵਿੱਚ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਖੇਤੀ ਲਈ 11 ਲੱਖ ਕਰੋੜ ਦਾ ਕਰਜ਼ਾ ਦੇਣ ਦੀ ਗੱਲ ਕਹੀ ਗਈ ਹੈ।



2022 ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਨੂੰ ਮੁੜ ਦੁਹਰਾਉਂਦੇ ਜੇਤਲੀ ਨੇ ਕਿਹਾ ਹੈ ਕਿ ਸਰਕਾਰ ਇਸ ਉਦੇਸ਼ ਨੂੰ ਲੈ ਕੇ ਅੱਗ ਵਧ ਰਹੀ ਹੈ। ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 1.5 ਗੁਣਾ ਵਧਾਉਣ ਦਾ ਐਲਾਨ ਵੀ ਕੀਤਾ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਦੱਸਿਆ ਹੈ ਕਿ ਸਾਉਣੀ ਦੀਆਂ ਫ਼ਸਲਾਂ ਦਾ ਸਮਰਥਨ ਮੁੱਲ ਲਾਗਤ ਡੇਢ ਗੁਣਾ ਤੈਅ ਕੀਤਾ ਜਾ ਚੁੱਕਾ ਹੈ ਜਦੋਂਕਿ ਦੂਸਰੀਆਂ ਫ਼ਸਲਾਂ ਨੂੰ ਵੀ ਇਹ ਮੁੱਲ ਦਿੱਤਾ ਜਾਵੇਗਾ। 1290 ਕਰੋੜ ਰੁਪਏ ਨਾਲ ਬਾਂਸ ਮਿਸ਼ਨ ਚਲਾਇਆ ਜਾਵੇਗਾ। ਜ਼ਿਲ੍ਹਾ ਪੱਧਰੀ ਖੇਤੀ ਮਾਡਲ ਤਿਆਰ ਕੀਤਾ ਜਾਵੇਗਾ।



ਇਸ ਦੇ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਉਸ ਦੀ ਫ਼ਸਲ ਦੀ ਸਹੀ ਕੀਮਤ ਦਵਾਉਣ ਲਈ ਪੂਰੀ ਵਿਵਸਥਾ ਕੀਤੀ ਜਾਵੇਗੀ। ਇਸ ਨੂੰ ਦੇਖਦੇ ਹੋਏ ਖੇਤੀ ਮੰਡੀ ਵਿਵਸਥਾ ਵਿੱਚ ਸੁਧਾਰ ਦੇ ਲਈ ਦੋ ਹਜ਼ਾਰ ਕਰੋੜ ਰੁਪਏ ਦੇ ਕੋਸ਼ ਦੀ ਵਿਵਸਥਾ ਕੀਤੀ ਜਾਵੇਗੀ।



ਇਸ ਤੋਂ ਇਲਾਵਾ ਵਿੱਤ ਮੰਤਰੀ ਅਰੁਣ ਜੇਤਲੀ ਨੇ 42 ਫੂਡ ਪਾਰਕ ਲਾਉਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਆਲੂ, ਟਮਾਟਰ ਤੇ ਪਿਆਜ਼ ਦੀ ਫ਼ਸਲ ਲਈ ਅਲੱਗ ਤੋਂ 500 ਕਰੋੜ ਦੇਣ ਦੀ ਗੱਲ ਕਹੀ ਹੈ। ਵਿੱਤ ਮੰਤਰੀ ਨੇ ਕਿਸਾਨ ਕ੍ਰੈਡਿਟ ਕਾਰਡ ਪਸ਼ੂ ਪਾਲਕਾਂ ਲਈ ਵੀ ਜਾਰੀ ਕਰਨ ਦਾ ਐਲਾਨ ਕੀਤਾ ਹੈ।