ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਕੌਮੀ ਡਰੱਗ ਪਾਲਿਸੀ ਬਣਾਉਣ ਦੀ ਅਪੀਲ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਚਿੱਠੀ ਲਿਖ ਪੀਐਮ ਕੋਲ ਕਿਸਾਨ ਕਰਜ਼ਾ ਮੁਆਫ਼ੀ ਬਾਰੇ ਗੁਹਾਰ ਪਾਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (PMFBY) ਵਿੱਚ ਸੋਧ ਦੀ ਮੰਗ ਕਰਦਿਆਂ ਕੌਮੀ ਪੱਧਰ 'ਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਮੁੱਦੇ ਨੂੰ ਤਰਜੀਹ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਦੇਸ਼ ਭਰ ਦੇ ਕਿਸਾਨਾਂ ਨੂੰ ਮਦਦ ਮਿਲੇਗੀ।


ਦੋ ਵੱਖ-ਵੱਖ ਚਿੱਠੀਆਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ 'ਤੇ ਕਿਸਾਨਾਂ ਲਈ ਇੱਕ ਵਾਰੀ ਦੀ ਖੇਤੀਬਾੜੀ ਕਰਜ਼ਾ ਮੁਆਫੀ ਜ਼ਰੂਰੀ ਹੈ। ਉਨ੍ਹਾਂ PMFBY ਵਿੱਚ ਸੋਧ ਕਰਨ ਲਈ ਮੰਗ ਕਰਦਿਆਂ ਕਿਹਾ ਕਿ ਕਿਸਾਨ ਪੱਖੀ ਪਹਿਲਕਦਮੀ ਕਰਨ ਲਈ ਇਹ ਪੇਂਡੂ ਆਰਥਿਕਤਾ ਨੂੰ ਬਦਲਣ ਵਿੱਚ ਵਧੇਰੇ ਪ੍ਰਭਾਵੀ ਹੋਏਗਾ।

ਕੈਪਟਨ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਆਪਣੇ ਪੱਧਰ 'ਤੇ ਕਿਸਾਨਾਂ ਨੂੰ ਰਾਹਤ ਦਿੱਤੀ, ਪਰ ਇਹ ਢੁਕਵੀਂ ਨਹੀਂ ਸੀ। ਕਿਸਾਨਾਂ ਨੂੰ ਪੂਰੀ ਤਰ੍ਹਾਂ ਰਾਹਤ ਦੇਣ ਲਈ ਭਾਰਤ ਸਰਕਾਰ ਦੀ ਮਦਦ ਦੀ ਲੋੜ ਹੈ। ਚਿੱਠੀ ਵਿੱਚ ਉਨ੍ਹਾਂ ਕੌਮੀ ਪੱਧਰ 'ਤੇ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਖੇਤੀ ਸੰਕਟ ਘਟੇਗਾ ਬਲਕਿ ਖੇਤੀ ਸੈਕਟਰ ਦੀ ਵਿਕਾਸ ਵੀ ਹੋਏਗਾ ਤੇ ਦੇਸ਼ ਦੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਉੱਠੇਗਾ। ਉਨ੍ਹਾਂ ਪੀਐਮ ਮੋਦੀ ਨੂੰ PMFBY ਸਕੀਮ ਵਿੱਚ ਜ਼ਰੂਰੀ ਸੋਧ ਕਰਨ ਦੀ ਸਲਾਹ ਦਿੱਤੀ ਹੈ।