ਚੰਡੀਗੜ੍ਹ: ਪਰਾਲੀ ਸਾੜਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨਾਲ ਡਟ ਗਏ ਹਨ। ਉਨ੍ਹਾਂ ਨੇ ਪਰਾਲੀ ਸਾੜਨ ਕਰਕੇ ਪੈਦਾ ਹੋਏ ਧੂੰਏਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਪਟਨ ਨੇ ਸਪਸ਼ਟ ਕਿਹਾ ਹੈ ਕਿ ਪੰਜਾਬ ਵਿੱਚ ਜ਼ਿਆਦਾਤਰ ਛੋਟੇ ਕਿਸਾਨ ਹਨ ਜਿਨ੍ਹਾਂ ਕੋਲ ਪੰਜ ਏਕੜ ਤੱਕ ਜ਼ਮੀਨ ਹੈ। ਇਹ ਕਿਸਾਨ ਮਹਿੰਗੀਆਂ ਮਸ਼ੀਨਾਂ ਨਹੀਂ ਖਰੀਦ ਸਕਦੇ।


ਕੈਪਟਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ। ਇਸ ਨਾਲ ਉਹ ਪਰਾਲੀ ਦੇ ਨਿਬੇੜੇ ਲਈ ਖਰਚਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇੰਨੇ ਸਮੇਂ ਤੋਂ ਕੇਂਦਰ ਸਰਕਾਰ ਕੋਲ ਮੁਆਵਜ਼ੇ ਦੀ ਮੰਗ ਰੱਖੀ ਹੈ ਪਰ ਮੋਦੀ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ।

ਯਾਦ ਰਹੇ ਦਿੱਲੀ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਖ਼ਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ। ਹਵਾ ਦੀ ਗੁਣਵੱਤਾ ਕਈ ਥਾਵਾਂ ’ਤੇ ‘ਬੇਹੱਦ ਗੰਭੀਰ’ ਮਾਪੀ ਗਈ ਹੈ। ਹਾਲਤ ਮਾੜੀ ਹੋਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਫ਼ਤਰ ਨੇ ਦਖ਼ਲ ਦਿੰਦਿਆਂ ਦਿੱਲੀ, ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ।

ਪ੍ਰਿੰਸੀਪਲ ਸਕੱਤਰ ਪੀਕੇ ਮਿਸ਼ਰਾ ਨੇ ਕਿਹਾ ਕਿ ਤਿੰਨ ਰਾਜਾਂ ਦੇ ਮੁੱਖ ਸਕੱਤਰ ਚੌਵੀ ਘੰਟੇ ਸਥਿਤੀ 'ਤੇ ਨਜ਼ਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ ਵੀ ਮੁੱਖ ਸਕੱਤਰਾਂ ਨਾਲ ਇਸ ਮਾਮਲੇ ’ਤੇ ਤਾਲਮੇਲ ਰੱਖੇਗਾ। ਕਰੀਬ 300 ਟੀਮਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਤਾਇਨਾਤ ਕੀਤੀਆਂ ਗਈਆਂ ਹਨ।