ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ।
ਦਰਅਸਲ ਕੈਪਟਨ ਗਰਮੀ ਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀਐਸਪੀਸੀਐਲ ਤੇ ਪੀਐਸਟੀਸੀਐਲ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਸਰਕਾਰ ਖੇਤੀਬਾੜੀ ਲਈ 100 ਫੀਸਦ ਲਾਗਤ ਸਬਸਿਡੀ ਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਮੁਫ਼ਤ ਬਿਜਲੀ ਦੇਣ ਲਈ ਵੀ ਦ੍ਰਿੜ੍ਹ ਹੈ।
ਮੀਟਿੰਗ ਦੌਰਾਨ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ 14,000 ਮੈਗਾਵਾਟ ਦੀ ਮੰਗ ਨਾਲ ਨਿਜੱਠਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਹਾਲਾਂਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਡ ਵੱਲੋਂ 13,500 ਮੈਗਾਵਾਟ ਦੀ ਮੰਗ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੁੱਖ ਮੰਤਰੀ ਨੇ ਦੋਵਾਂ ਬਿਜਲੀ ਕੰਪਨੀਆਂ ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਗਰਮੀਆਂ ਦੌਰਾਨ 24 ਘੰਟੇ ਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਬਿਜਲੀ ਕੰਪਨੀਆਂ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਦੱਸਿਆ ਵਿੱਤੀ ਸਾਲ 2018-19 ਦੌਰਾਨ ਪੰਜਾਬ ਦੇ 34,52,600 ਖਪਤਕਾਰਾਂ ਨੂੰ 8855 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। 2019-20 ਦੌਰਾਨ 37,40,348 ਖਪਤਕਾਰਾਂ ਨੂੰ 9674 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਐਸਸੀ, ਗੈਰ-ਐਸਸੀ, ਬੀਪੀਐਲ ਤੇ ਬੀਸੀ ਘਰੇਲੂ ਖਪਤਕਾਰਾਂ ਨੂੰ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮੁਹੱਈਆ ਕਰਾਈ ਜਾ ਰਹੀ ਹੈ।
ਇਹ ਬਿਜਲੀ ਯੂਨਿਟਾਂ ਦੀ ਖਪਤ ਗਿਣਤੀ ਦੀ ਕਿਸੇ ਵੀ ਸ਼ਰਤ ਤੋਂ ਬਿਨਾਂ ਮੁਹੱਈਆ ਕਰਾਈ ਜਾ ਰਹੀ ਹੈ ਜੋ ਕਿ 21 ਲੱਖ ਰੁਪਏ ਤੋਂ ਵੱਧ ਬਣਦੀ ਹੈ। ਇਸ ਦੇ ਨਾਲ ਹੀ ਆਜ਼ਾਦੀ ਘੁਲਾਟੀਆਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਖੇਤੀਬਾੜੀ ਲਈ 14 ਲੱਖ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ।
ਪੰਜਾਬ ਸਰਕਾਰ 1,44,000 ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਮੁਹੱਈਆ ਕਰਾ ਰਹੀ ਹੈ। ਤਕਰੀਬਨ 1,05,000 ਛੋਟੇ ਬਿਜਲੀ ਖਪਤਕਾਰਾਂ ਤੋਂ ਪ੍ਰਤੀ ਯੂਨਿਟ 4.99 ਰੁਪਏ ਦੀ ਦਰ ਨਾਲ ਵਸੂਲੇ ਜਾ ਰਹੇ ਹਨ। ਇਸ ਤੋਂ ਇਲਾਵਾ 30,000 ਦਰਮਿਆਨੇ ਤੇ 9000 ਵੱਡੇ ਸਪਲਾਈ ਖਪਤਕਾਰਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਰਿਆਇਤੀ ਬਿਜਲੀ ਦਿੱਤੀ ਜਾ ਰਹੀ ਹੈ।
ਕੈਪਟਨ ਨੇ ਕੀਤਾ ਕਿਸਾਨਾਂ ਨਾਲ ਵਾਅਦਾ ਪੂਰਾ
ਏਬੀਪੀ ਸਾਂਝਾ
Updated at:
03 Jun 2019 06:56 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ।
- - - - - - - - - Advertisement - - - - - - - - -