ਹੁਣ 2.60 ਲੱਖ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰੇਗੀ ਕੈਪਟਨ ਸਰਕਾਰ
ਏਬੀਪੀ ਸਾਂਝਾ | 22 Jan 2019 07:09 PM (IST)
ਚੰਡੀਗੜ੍ਹ: ਖੇਤ ਮਜ਼ਦੂਰਾਂ ਲਈ ਪੰਜਾਬ ਸਰਕਾਰ ਵੱਡੀ ਰਾਹਤ ਲੈ ਕੇ ਆਈ ਹੈ। ਕਿਸਾਨ ਕਰਜ਼ਾ ਮੁਆਫੀ ਤੋਂ ਬਾਅਦ ਪੰਜਾਬ ਸਰਕਾਰ ਨੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੱਤਰਾਂ ਨਾਲ ਹੋਈ ਬੈਠਕ ਦੌਰਾਨ ਐਲਾਨ ਕੀਤਾ ਹੈ ਕਿ ਖੇਤ ਮਜ਼ਦੂਰਾਂ ਦਾ ਕਰਜ਼ਾ ਜਲਦ ਤੋਂ ਜਲਦ ਮਾਫ਼ ਹੋਣਾ ਚਾਹੀਦਾ ਹੈ। ਹਾਸਲ ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਹੁਣ ਤਕ ਲਗਪਗ ਦੋ ਲੱਖ ਸੱਠ ਹਜ਼ਾਰ ਕਰਜ਼ਾਈ ਖੇਤ ਮਜ਼ਦੂਰਾਂ ਦੀ ਪਛਾਣ ਕੀਤੀ ਗਈ ਹੈ। ਇਸ ਮੁਤਾਬਕ ਇੰਨੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਲਈ ਲਗਪਗ 460 ਕਰੋੜ ਰੁਪਏ ਦੀ ਲਾਗਤ ਆਵੇਗੀ। ਲੋਕ ਸਭਾ ਦੀਆਂ ਚੋਣਾਂ ਦਾ ਜ਼ਾਬਤਾ ਲੱਗਣ ਤੋਂ ਪਹਿਲਾਂ ਕੈਪਟਨ ਸਰਕਾਰ ਹਰਕਤ ਵਿੱਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨਸ਼ੇ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਮੁੱਦੇ ’ਤੇ ਪੰਜਾਬ ਦੇ ਜ਼ਿਲ੍ਹਾ ਕਮਿਸ਼ਨਰਾਂ ਦੀ ਖਿਚਾਈ ਕੀਤੀ। ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਦੀ ਪੰਜਾਬ ਭਵਨ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਈ ਗਈ ਮੀਟਿੰਗ ਦੌਰਾਨ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਬੈਠਕ ਦੌਰਾਨ ਮੁੱਖ ਮੁੱਦਾ ਨਸ਼ਿਆਂ ਦਾ ਰਿਹਾ।