ਚੰਡੀਗੜ੍ਹ: ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਨੂੰ ਝਟਕਾ ਦਿੱਤਾ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਛੇੜੇ ਅੰਦੋਲਨ ਕਰਕੇ ਕੇਂਦਰ ਸਰਕਾਰ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਖੇਤੀ ਮੁੱਦਿਆਂ ਨੂੰ ਲੈ ਕੇ ਕਮੇਟੀ ਬਣਾਈ ਪਰ ਉਸ ਵਿੱਚੋਂ ਪੰਜਾਬ ਨੂੰ ਪੂਰੀ ਤਰ੍ਹਾਂ ਆਊਟ ਕਰ ਦਿੱਤਾ ਹੈ। ਇਸ ਨਾਲ ਪੰਜਾਬ ਦੇ ਕਿਸਾਨਾਂ ਅੰਦਰ ਰੋਹ ਵਧ ਗਿਆ ਹੈ। ਉੱਧਰ, ਵਿਰੋਧੀ ਧਿਰਾਂ ਵੀ ਬੀਜੇਪੀ ਸਰਕਾਰ ਨੂੰ ਘੇਰ ਰਹੀਆਂ ਹਨ।



ਦੱਸ ਦਈਏ ਕਿ ਕੇਂਦਰ ਸਰਕਾਰ ਨੇ ਕਰੀਬ ਅੱਠ ਮਹੀਨੇ ਪਹਿਲਾਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਮੌਕੇ ਐਮਐਸਪੀ ਦੇ ਮੁੱਦੇ ’ਤੇ ਕਮੇਟੀ ਕਾਇਮ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਨੇ ਅੱਠ ਮਹੀਨਿਆਂ ਮਗਰੋਂ ਕਮੇਟੀ ਤਾਂ ਬਣਾਈ ਪਰ ਇਸ ਵਿੱਚ ਪੰਜਾਬ ਨੂੰ ਕੋਈ ਸਥਾਨ ਨਹੀਂ ਦਿੱਤਾ। ਹਾਲਾਂਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਪੰਜਾਬ ਦੀ ਪੈਦਾਵਾਰ ਦਾ ਯੋਗਦਾਨ ਹਮੇਸ਼ਾ ਸਿਖਰਾਂ ’ਤੇ ਰਿਹਾ ਹੈ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਕਰੀਬ 29 ਮੈਂਬਰੀ ਕਮੇਟੀ (ਸਮੇਤ ਚੇਅਰਮੈਨ) ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਕੇਂਦਰੀ ਕਮੇਟੀ ਵਿੱਚ ਖੇਤੀ ’ਵਰਸਿਟੀਆਂ ਅਤੇ ਅਦਾਰਿਆਂ ਦੇ ਤਿੰਨ ਸੀਨੀਅਰ ਮੈਂਬਰ ਸ਼ਾਮਲ ਕੀਤੇ ਗਏ ਹਨ, ਜਦੋਂਕਿ ਪੰਜਾਬ ਖੇਤੀ ਯੂਨੀਵਰਸਿਟੀ(ਪੀਏਯੂ) ਲੁਧਿਆਣਾ ਨੂੰ ਲਾਂਭੇ ਰੱਖਿਆ ਗਿਆ ਹੈ। ਕਮੇਟੀ ਵਿੱਚ ਜੰਮੂ ਤੇ ਜਬਲਪੁਰ ਦੀ ਖੇਤੀ ’ਵਰਸਿਟੀ ਦੇ ਸੀਨੀਅਰ ਮੈਂਬਰਾਂ ਨੂੰ ਜਗ੍ਹਾ ਦਿੱਤੀ ਗਈ ਹੈ।

ਕਮੇਟੀ ਵਿੱਚ ਦੋ ਖੇਤੀ ਮਾਹਿਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਕਿਸੇ ਵੀ ਖੇਤੀ ਮਾਹਿਰ ਨੂੰ ਥਾਂ ਨਹੀਂ ਦਿੱਤੀ ਗਈ। ਕਮੇਟੀ ਵਿੱਚ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ (ਮੁੱਖ ਸਕੱਤਰ/ਵਧੀਕ ਮੁੱਖ ਸਕੱਤਰ/ਪ੍ਰਮੁੱਖ ਸਕੱਤਰ) ਨੂੰ ਵੀ ਸ਼ਾਮਲ ਨਹੀਂ ਕੀਤਾ ਗਿਆ ਹੈ ਜਦੋਂਕਿ ਕਰਨਾਟਕਾ, ਆਂਧਰਾ ਪ੍ਰਦੇਸ਼, ਸਿੱਕਮ ਤੇ ਉੜੀਸਾ ਸਰਕਾਰ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਇਸ ਦੇ ਨਾਲ ਹੀ ਕੇਂਦਰੀ ਕਮੇਟੀ ਵਿਚ ਜੋ ਕਿਸਾਨ ਪ੍ਰਤੀਨਿਧ ਸ਼ਾਮਲ ਕੀਤੇ ਗਏ ਹਨ, ਉਨ੍ਹਾਂ ਵਿੱਚ ਦੂਸਰੇ ਸੂਬਿਆਂ ਦੇ ਕਿਸਾਨਾਂ ਦੀ ਸ਼ਮੂਲੀਅਤ ਕੀਤੀ ਗਈ ਹੈ ਜਦੋਂਕਿ ਸੰਯੁਕਤ ਕਿਸਾਨ ਮੋਰਚੇ ਦੇ ਤਿੰਨ ਮੈਂਬਰਾਂ ਲਈ ਥਾਂ ਖ਼ਾਲੀ ਛੱਡੀ ਗਈ ਹੈ।