ਚੰਡੀਗੜ੍ਹ: ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਬਾਕਾਇਦਾ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਤਿਆਰੀ ਲਈ ਕਹਿ ਦਿੱਤਾ ਗਿਆ ਹੈ। ਦੂਜੇ ਪਾਸੇ ਆੜ੍ਹਤੀਏ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਔਖੇ ਹਨ। ਇਸ ਲਈ ਆੜ੍ਹਤੀਆਂ ਵੀ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਬਾਰੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੀ ਫੈਡਰੇਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦਾ ਕਹਿਣਾ ਹੈ ਕਿ ਜੇ ਸਿੱਧੀ ਅਦਾਇਗੀ ਕੀਤੀ ਤਾਂ ਪੰਜਾਬ ਭਰ ਦੇ ਆੜ੍ਹਤੀਏ ਪਹਿਲੀ ਅਪਰੈਲ ਤੋਂ ਹੜਤਾਲ ’ਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਇਹ ਨਵੀਂ ਚਾਲ ਚੱਲੀ ਹੈ ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਦੇ ਰਿਸ਼ਤਿਆਂ ’ਚ ਦਰਾੜ ਪਾਈ ਜਾ ਸਕੇ।

ਦੱਸ ਦਈਏ ਕਿ ਮੰਗਲਵਾਰ ਨੂੰ ਭਾਰਤੀ ਖੁਰਾਕ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਦਿੱਲੀ ’ਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਨੇ ਕਣਕ ਦੀ ਅਗਲੀ ਫਸਲ ਲਈ ਕਿਸਾਨਾਂ ਨੂੰ ਸਿੱਧੀ ਅਦਾਇਗੀ ਕੀਤੇ ਜਾਣ ਲਈ ਆਖ ਦਿੱਤਾ ਹੈ।

ਉਧਰ, ਪੰਜਾਬ ਦੇ ਅਧਿਕਾਰੀਆਂ ਨੇ ਅਗਲੀ ਫਸਲ ਦੀ ਅਦਾਇਗੀ ਆੜ੍ਹਤੀਆਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣ ਦੀ ਵਿਵਸਥਾ ਜਾਰੀ ਰੱਖਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਅੱਗੇ ‘ਪੰਜਾਬ ਫਾਇਨਾਂਸ ਮੈਨੇਜਮੈਂਟ ਸਿਸਟਮ’ (ਪੀਐਫਐਮਐਸ) ਤਹਿਤ ਪੈਸਾ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦੇਣਗੇ। ਅਧਿਕਾਰੀਆਂ ਨੇ ਕਿਹਾ ਕਿ ਉਹ ਇਸੇ ਹਫਤੇ ਮੁੜ ਕੇਂਦਰੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।