Chief Minister Bhagwant Mann: ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੰਗੁੜੇ ਹੋਏ ਦਾਣਿਆਂ ਲਈ ਢਿੱਲ ਦੇਣ ਦੀ ਅਪੀਲ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਣਕ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸੁੰਗੜੇ ਹੋਏ ਦਾਣਿਆਂ ਦੇ ਨਿਯਮਾਂ ਨੂੰ ਮੁੜ ਵਿਚਾਰਨ ਲਈ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਣਕ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸੁੰਗੜੇ ਹੋਏ ਦਾਣਿਆਂ ਦੇ ਨਿਯਮਾਂ ਨੂੰ ਮੁੜ ਵਿਚਾਰਨ ਲਈ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਨਿਯਮਾਂ ਵਿਚ ਢਿੱਲ ਦੇਣ ਦੇ ਮਸਲੇ ਉਤੇ ਛੇਤੀ ਹੁਕਮ ਜਾਰੀ ਕਰਨ ਲਈ ਅਪੀਲ ਕਰਨ ਦਾ ਫੈਸਲਾ ਵੀ ਕੀਤਾ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਨੇ ਮੰਤਰੀ ਮੰਡਲ ਨੂੰ ਕਣਕ ਦੀ ਚੱਲ ਰਹੀ ਖਰੀਦ ਦੇ ਪ੍ਰਗਤੀ ਬਾਰੇ ਜਾਣੂੰ ਕਰਵਾਇਆ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਮੰਡੀਆਂ ਵਿੱਚ 14.9 ਲੱਖ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ 12 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ 5 ਲੱਖ ਮੀਟਰਕ ਟਨ ਦੀ ਆਮਦ ਹੋਈ ਜਿਸ ਵਿੱਚੋਂ 2 ਲੱਖ ਮੀਟਰਕ ਟਨ ਤੋਂ ਵੱਧ ਦੀ ਖਰੀਦ ਉਸੇ ਦਿਨ ਹੀ ਕਰ ਲਈ ਗਈ।
ਬੁਲਾਰੇ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੁੰਗੜੇ ਦਾਣਿਆਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੇਂਦਰੀ ਟੀਮਾਂ ਦੇ ਛੇਤੀ ਗਠਨ ਦਾ ਸੁਆਗਤ ਕਰਦਿਆਂ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਨਾਜ ਦੇ ਸੁੰਗੜੇ ਦਾਣਿਆਂ ਦੇ ਨਿਯਮਾਂ ਵਿੱਚ ਬਿਨਾਂ ਕਿਸੇ ਮੁੱਲ ਦੀ ਕਟੌਤੀ ਦੇ ਢਿੱਲ ਦਿੱਤੀ ਜਾਵੇ ਕਿਉਂਕਿ ਕਿਸਾਨਾਂ ਨੂੰ ਘੱਟ ਪੈਦਾਵਾਰ ਦੇ ਕਾਰਨ ਪਹਿਲਾਂ ਹੀ ਬਹੁਤ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਰਸਮੀ ਬੇਨਤੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ 'ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਇਨ੍ਹਾਂ ਮੰਡੀਆਂ 'ਚ ਆ ਰਹੇ ਅਨਾਜ 'ਚ 6 ਫੀਸਦੀ ਦੀ ਮਨਜ਼ੂਰਸ਼ੁਦਾ ਹੱਦ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਇਸ ਉਪਰੰਤ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਕੱਲ੍ਹ ਸੂਬੇ ਵਿੱਚ ਅਨਾਜ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਦਾ ਗਠਨ ਕੀਤਾ ਸੀ। ਟੀਮਾਂ ਰਸਤੇ ਵਿੱਚ ਹਨ ਅਤੇ ਮੰਡੀਆਂ ਵਿੱਚ ਆ ਰਹੇ ਸੁੰਗੜੇ ਹੋਏ ਅਨਾਜ ਦੀ ਹੱਦ ਦਾ ਮੁਲਾਂਕਣ ਕਰਨ ਲਈ ਜਲਦ ਹੀ ਸੂਬੇ ਵਿੱਚ ਪਹੁੰਚਣਗੀਆਂ। ਇਹ ਡੇਟਾ ਨਿਯਮਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਲਈ ਭਾਰਤ ਸਰਕਾਰ ਦੀ ਮਦਦ ਕਰੇਗਾ।
ਬੁਲਾਰੇ ਨੇ ਅੱਗੇ ਕਿਹਾ ਕਿ ਮੰਤਰੀ ਮੰਡਲ ਨੇ ਕਿਸਾਨ ਭਲਾਈ 'ਤੇ ਪੂਰਾ ਜ਼ੋਰ ਦਿੱਤਾ ਹੈ ਅਤੇ ਵਿਭਾਗ ਨੂੰ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਭਾਗ ਨੂੰ ਕਣਕ ਦੀ ਖਰੀਦ ਲਈ ਖਰੀਦ ਏਜੰਸੀਆਂ ਵੱਲੋਂ ਤਾਇਨਾਤ ਸਟਾਫ਼ ਦੇ ਕਿਸੇ ਵੀ ਯੋਗ ਮੁੱਦੇ ਹੱਲ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: Happy Baisakhi 2022 Wishes: ਹੋ ਜਾਓ ਤਿਆਰ... ਆ ਗਿਆ ਵਿਸਾਖੀ ਦਾ ਤਿਓਹਾਰ, ਇਨ੍ਹਾਂ ਖੂਬਸੂਰਤ ਮੈਸੇਜਸ ਨਾਲ ਕਰੋ ਆਪਣਿਆ ਨੂੰ ਵਿਸਾਖੀ ਵਿਸ਼: