ਪੰਜਾਬ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਵੀ ਹੋਣਗੇ ਭੇੜ, ਵਿਰੋਧੀ ਧਿਰਾਂ ਉਠਾਉਣਗੀਆਂ ਕਿਸਾਨਾਂ ਦਾ ਮੁੱਦਾ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਅੱਜ ਵੀ ਸਦਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਵੀਰਵਾਰ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚਾਲੇ ਤਿੱਖੀਆਂ ਝੜਪਾਂ ਹੋਈਆਂ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਅੱਜ ਵੀ ਸਦਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਵੀਰਵਾਰ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚਾਲੇ ਤਿੱਖੀਆਂ ਝੜਪਾਂ ਹੋਈਆਂ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧੀ ਧਿਰ ਕਾਂਗਰਸ ਨੂੰ ਖਰੀਆਂ-ਖਰੀਆਂ ਸੁਣਾਈਆਂ।
ਹਾਸਲ ਜਾਣਕਾਰੀ ਮੁਤਾਬਕ ਵਿਧਾਨ ਸਭਾ ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ 'ਆਪ' ਵਿਧਾਇਕ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਦੇ ਨਾਲ-ਨਾਲ ਸਬੰਧਤ ਐਕਟ ਅਨੁਸਾਰ ਵੱਖ-ਵੱਖ ਵਿਭਾਗਾਂ ਦੀਆਂ ਸਾਲਾਨਾ ਰਿਪੋਰਟਾਂ ਪੇਸ਼ ਕਰਨਗੇ।
ਉਧਰ, ਇਜਲਾਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਡਾ: ਰਾਜਕੁਮਾਰ ਤੇ ਵਿਕਰਮਜੀਤ ਸਿੰਘ ਚੌਧਰੀ ਪੰਜਾਬ ਵਿੱਚ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਦੇ ਮੁੱਦੇ ਵੱਲ ਮੰਤਰੀ ਦਾ ਧਿਆਨ ਦਿਵਾਉਣਗੇ।
ਬੀਜੇਪੀ ਤੇ ਅਮਿਤ ਸ਼ਾਹ ਦੇ ਇਸ਼ਾਰੇ 'ਤੇ ਕਾਂਗਰਸ ਕਰ ਰਹੀ ਮਾਹੌਲ ਖਰਾਬ: ਕੁਲਦੀਪ ਧਾਲੀਵਾਲ
ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਕਾਂਗਰਸ ਆਹਮੋ-ਸਾਹਮਣੇ ਹਨ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਸਣੇ ਵਿਰੋਧੀ ਧਿਰਾਂ ਸਦਨ ਵਿੱਚ ਮੱਦਿਆਂ ਉੱਪਰ ਬਹਿਸ ਤੋਂ ਭੱਜ ਰਹੀਆਂ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਅਸਲ ਵਿੱਚ ਬੀਜੇਪੀ ਚਾਹੁੰਦੀ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਸੈਸ਼ਨ ਨਾ ਹੋਵੇ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਕਾਂਗਰਸ ਬੀਜੇਪੀ ਤੇ ਅਮਿਤ ਸ਼ਾਹ ਦੇ ਕਹਿਣ 'ਤੇ ਸੈਸ਼ਨ ਦਾ ਮਹੌਲ ਖ਼ਰਾਬ ਕਰ ਰਹੀ ਹੈ।
ਦੱਸ ਦਈਏ ਕਿ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਦੀ ‘ਵਾਇਰਲ ਆਡੀਓ’ ਦੇ ਮੁੱਦੇ ’ਤੇ ਜ਼ੋਰਦਾਰ ਹੰਗਾਮਾ ਹੋਇਆ। ਸਦਨ ਦੀ ਕਾਰਵਾਈ ਸ਼ੁਰੂ ਹੋਣ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਫਰ ਕਾਲ ਦਾ ਐਲਾਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਦਾ ਮੌਕਾ ਦਿੱਤਾ ਤਾਂ ਉਨ੍ਹਾਂ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕਰਕੇ ਕੇਸ ਦਰਜ ਕਰਨ ਦੀ ਮੰਗ ਕੀਤੀ।