Farmers Protest: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਛੇ ਮਹੀਨੇ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 26 ਮਈ ਨੂੰ ਦਿੱਲੀ ਵਿੱਚ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ। ਪਰ ਕੋਰੋਨਾਵਾਇਰਸ ਦੀ ਦੂਜੀ ਲਹਿਰ ਦਰਮਿਆਨ ਸਰਕਾਰ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਅਜਿਹੇ ਮੌਕੇ ਕਿਸਾਨ 'ਸੁਪਰ-ਸਪ੍ਰੈਡਰ' ਬਣ ਸਕਦੇ ਹਨ।


ਪ੍ਰਦਰਸ਼ਨ ਨਾ ਕਰਨ ਕਿਸਾਨ, ਕੋਰੋਨਾ ਲਾਗ ਤੇਜ਼ੀ ਨਾਲ ਫੈਲ ਸਕਦੀ ਹੈ- ਅਮਰਿੰਦਰ ਸਿੰਘ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਕੋਰੋਨਾ ਵਾਇਰਸ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਲਾਗ ਤੇਜ਼ੀ ਨਾਲ ਫੈਲ ਸਕਦੀ ਹੈ। ਕਿਸਾਨਾਂ ਨੇ ਸੂਬਾ ਸਰਕਾਰ ਉੱਪਰ ਕੋਰੋਨਾ ਵਾਇਰਸ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਉਂਦਿਆਂ 28 ਮਈ ਨੂੰ ਪਟਿਆਲਾ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਕੈਪਟਨ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਪਹਿਲਾਂ ਤੋਂ ਹੀ ਦੂਜੀ ਲਹਿਰ ਦੀ ਮਾਰ ਝੱਲ ਰਹੇ ਦਿਹਾਤੀ ਖੇਤਰ ਵਿੱਚ ਵੱਸਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਸਕਦੀ ਹੈ।


 






 


ਕੇਂਦਰ ਨਾਲ ਗੱਲਬਾਤ ਲਈ ਤਿਆਰ ਹਾਂ- ਰਾਕੇਸ਼ ਟਿਕੈਤ


ਇਸੇ ਦਰਮਿਆਨ ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਸੰਗਠਨ ਕੇਂਧਰ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਲਈ ਰਾਜ਼ੀ ਹਨ, ਪਰ ਇਹ ਗੱਲਬਾਤ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੇ ਵਿਸ਼ੇ 'ਤੇ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੋਂ ਪਹਿਲਾਂ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।


ਕਿਸਾਨਾਂ ਨੂੰ 12 ਵਿਰੋਧੀ ਪਾਰਟੀਆਂ ਦਾ ਸਮਰਥਨ


ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਚੱਲ ਰਹੇ ਅੰਦੋਲਨ ਨੂੰ ਆਮ ਆਦਮੀ ਪਾਰਟੀ ਸਮੇਤ 12 ਵਿਰੋਧੀ ਦਲਾਂ ਨੇ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। 'ਆਪ' ਦੇ ਬੁਲਾਰੇ ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਨੂੰ ਆਮ ਆਦਮੀ ਪਾਰਟੀ ਆਪਣਾ ਸਮਰਥਨ ਦਿੰਦੀ ਹੈ ਅਤੇ ਕੇਂਦਰ ਨੂੰ ਅਪੀਲ ਕਰਦੀ ਹੈ ਕਿ ਉਹ ਤਤਕਾਲ ਕਿਸਾਨਾਂ ਨਾਲ ਗੱਲਬਾਤ ਬਹਾਲ ਕਰਕੇ ਉਨ੍ਹਾਂ ਦੀਆਂ ਮੰਗਾਂ ਸਵੀਕਾਰ ਕਰੇ। 'ਆਪ' ਤੋਂ ਇਲਾਵਾ ਕਾਂਗਰਸ, ਤ੍ਰਿਣਮੂਲ ਕਾਂਗਰਸ, ਖੱਬੇ ਪੱਖੀ ਦਲ, ਸਮਾਜਵਾਦੀ ਪਾਰਟੀ, ਰਾਕਾਂਪਾ ਅਤੇ ਦ੍ਰਮੁਕ ਸਮੇਤ 12 ਵਿਰੋਧੀ ਦਲਾਂ ਨੇ ਕਿਸਾਨਾਂ ਦੇ ਦੇਸ਼ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ।


ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨ ਦਿੱਲੀ ਦੀਆਂ ਹੱਦਾਂ ਉੱਪਰ ਸਿੰਘੂ, ਟਿਕਰੀ ਤੇ ਗਾਜ਼ੀਪੁਰ ਥਾਵਾਂ 'ਤੇ 26 ਨਵੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨਾਲ ਕੇਂਦਰ ਸਰਕਾਰ ਨੇ 22 ਜਨਵਰੀ 2021 ਤੋਂ ਕੋਈ ਗੱਲਬਾਤ ਨਹੀਂ ਕੀਤੀ ਹੈ।