ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਦੇ ਵਧ ਰਹੇ ਮਾਮਲਿਆਂ ਦੇ ਵਿਚਕਾਰ ਕਿਸਾਨ ਪਿਛਲੇ 133 ਦਿਨਾਂ ਤੋਂ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਇਸ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਸਾਨਾਂ ਨਾਲ ਦੁਬਾਰਾ ਗੱਲਬਾਤ ਸ਼ੁਰੂ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਹ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖਣਗੇ।
ਵਿਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇੱਕ ਵਾਰ ਫਿਰ ਕੋਰੋਨਾ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ, ਅਜਿਹੀ ਸਥਿਤੀ ਵਿੱਚ ਹਰਿਆਣਾ ਦੀਆਂ ਹੱਦਾਂ 'ਤੇ ਕਿਸਾਨਾਂ ਦਾ ਇੰਨਾ ਵੱਡਾ ਇਕੱਠ ਹੋ ਰਿਹਾ ਹੈ। ਅੱਜ ਜਨਤਾ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਕੋਰੋਨਾ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਨਾਲ ਨਜਿੱਠਣ ਲਈ ਮੈਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖਣ ਜਾ ਰਿਹਾ ਹਾਂ ਤਾਂ ਜੋ ਕਿਸਾਨਾਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕੀਤੀ ਜਾ ਸਕੇ।
ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ 11 ਗੇੜ ਦੀ ਗੱਲਬਾਤ ਬੇਸਿੱਟਾ ਰਹੀ ਹੈ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਕਾਨੂੰਨ ਲਾਗੂ ਕਰੇ।
ਉਧਰ ਦੂਜੇ ਪਾਸੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਕਿਸਾਨ ਜਥੇਬੰਦੀਆਂ ਨੇ 'ਮਿੱਟੀ ਸੱਤਿਆਗ੍ਰਹਿ' ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਕਿਸਾਨ ਸੰਗਠਨਾਂ ਦੇ ਭਾਈਵਾਲ ਗੁਜਰਾਤ, ਰਾਜਸਥਾਨ, ਪੰਜਾਬ, ਹਰਿਆਣਾ ਸਮੇਤ 23 ਸੂਬਿਆਂ ਦੇ 1500 ਪਿੰਡਾਂ ਦੀ ਮਿੱਟੀ ਲੈ ਕੇ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚ ਰਹੇ ਹਨ।
ਦੱਸ ਦੇਈਏ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਦੇ 2,872 ਨਵੇਂ ਕੇਸ ਦਰਜ ਕੀਤੇ ਗਏ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਬੁਲੇਟਿਨ ਮੁਤਾਬਕ 11 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 3,230 ਹੋ ਗਈ ਹੈ। ਹੁਣ ਇੱਥੇ 17,129 ਐਕਟਿਵ ਕੇਸ ਹਨ, ਜਦੋਂਕਿ ਰਿਕਵਰੀ ਦੀ ਦਰ 93.38 ਪ੍ਰਤੀਸ਼ਤ ਸੀ।
ਇਹ ਵੀ ਪੜ੍ਹੋ: ਸਿਰਫ਼ 31 ਸਾਲ ਦੀ ਉਮਰ ’ਚ ਇਹ ਮਹਿਲਾ ਆਪਣੇ ਦਮ ’ਤੇ ਬਣੀ billionaire, ਜਾਣੋ ਕਿਹੜੇ ਕਾਰੋਬਾਰ ਦਾ ਕਮਾਲ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904