ਚੰਡੀਗੜ੍ਹ: ਪੰਜਾਬ ਦੇ ਕਿਸਾਨ 22 ਸਤੰਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਅੱਗੇ ਪੰਜ ਰੋਜ਼ਾ ਦਿਨ-ਰਾਤ ਧਰਨਾ ਲਾਉਣਗੇ। ਇਹ ਐਲਾਨ ਅੱਜ 7 ਕਿਸਾਨ ਜਥੇਬੰਦੀਆਂ ਨੇ ਬਰਨਾਲਾ ਵਿੱਚ ਕੀਤੀ ਕਰਜ਼ਾ ਮੁਕਤੀ ਰੈਲੀ ਦੌਰਾਨ ਕੀਤਾ। ਬਰਨਾਲਾ ਦੀ ਦਾਣਾ ਮੰਡੀ ਵਿੱਚ ਹੋਈ ਮਹਾਂ ਰੈਲੀ ਦੌਰਾਨ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ ਤੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
ਸਮੂਹ ਬੁਲਾਰਿਆਂ ਨੇ ਕੈਪਟਨ ਸਰਕਾਰ ਦੀ ਨਿਖੇਧੀ ਕੀਤੀ ਕਿ ਉਹ ਕਰਜ਼ਾ-ਪੀੜਤ ਕਿਸਾਨਾਂ ਦੇ ਹਰ ਕਿਸਮ ਦੇ ਕਰਜ਼ੇ ਖ਼ਤਮ ਕਰਨ ਦੇ ਆਪਣੇ ਚੋਣ-ਵਾਅਦੇ ਤੋਂ ਪਿੱਛੇ ਹਟ ਕੇ ਛੋਟੇ/ਸੀਮਾਂਤ ਕਿਸਾਨਾਂ ਦੇ ਸਿਰਫ ਫਸਲੀ ਕਰਜ਼ੇ 2 ਲੱਖ ਤੱਕ ਮਾਫ਼ ਕਰਨ ਦੇ ਫੋਕੇ ਐਲਾਨ ਤੱਕ ਸਿਮਟ ਕੇ ਰਹਿ ਗਈ ਹੈ। ਇਹ ਪੰਜਾਬ ਦੇ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਨੇ ਸੜਕਾਂ 'ਤੇ ਰੁਲ ਰਹੇ 10 ਲੱਖ ਦੇ ਕਰੀਬ ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਦੇ ਵਾਅਦੇ ਬਾਰੇ ਵੀ ਮੁਜਰਮਾਨਾ ਚੁੱਪ ਧਾਰ ਰੱਖੀ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਰਜ਼ਿਆਂ ਬਦਲੇ ਕੁਰਕੀਆਂ ਦਾ ਦੌਰ ਬਾ-ਦਸਤੂਰ ਜਾਰੀ ਹੈ। ਕਰਜ਼ਿਆਂ ਤੇ ਆਰਥਿਕ ਤੰਗੀਆਂ ਤੋਂ ਪੀੜਤ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਸਾਂ ਨੂੰ 10.10 ਲੱਖ ਰੁਪਏ, 1-1 ਸਰਕਾਰੀ ਨੌਕਰੀ ਤੇ ਸਮੁੱਚੇ ਕਰਜ਼ੇ 'ਤੇ ਲੀਕਰ ਦੀ ਫੌਰੀ ਰਾਹਤ ਤੁਰੰਤ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਪੜ੍ਹੇ ਲਿਖੇ ਤੇ ਅਨਪੜ੍ਹ ਪੇਂਡੂ ਬੇਰੁਜ਼ਗਾਰਾਂ ਨੂੰ ਪੱਕੀ ਨੌਕਰੀ ਤੁਰੰਤ ਦਿੱਤੀ ਜਾਵੇ ਤੇ ਉਸ ਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ।
ਉਨ੍ਹਾਂ ਐਲਾਨ ਕੀਤਾ ਕਿ ਸਮੂਹ ਆਬਾਦਕਾਰ ਤੇ ਮੁਜਾਰੇ ਕਿਸਾਨਾਂ ਨੂੰ ਹਰ ਕਿਸਮ ਦੀ ਕਾਬਜ਼ ਜ਼ਮੀਨ ਦੇ ਮਾਲਕੀ ਹੱਕ ਤੁਰੰਤ ਦੋਣ ਤੋਂ ਇਲਾਵਾ ਉਕਤ ਮੰਗਾਂ ਦਾ ਤਸੱਲੀਬਖਸ਼ ਨਿਬੇੜਾ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੀਆਂ। ਇਸ ਰੈਲੀ ਨੂੰ ਸੂਬਾ ਪ੍ਰਧਾਨ ਬੀਕੇਯੂ ਉਗਰਾਹਾਂ ਦੇ ਜੋਗਿੰਦਰ ਸਿੰਘ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਤੇ ਟਾਡਾ ਸੂਬਾ ਪ੍ਰਧਾਨ ਆਜ਼ਾਦ ਕਿਸਾਨ ਸ਼ੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਜਥੇਬੰਦੀਆਂ ਨੇ ਵੀ ਸੰਬੋਧਨ ਕੀਤਾ।