ਸੰਗਰੂਰ : ਸੱਤ ਕਿਸਾਨ ਜੱਥੇਬੰਦੀਆਂ ਵੱਲੋਂ 22 ਸਤਬੰਰ ਨੂੰ ਪਟਿਆਲਾ ਦੇ ਮੋਤੀ ਮਹਿਲ ਵਿਖੇ ਕਰਜ਼ਾ ਮਾਫੀ ਲਈ ਪੱਕਾ ਮੋਰਚਾ ਲਾਉਣ ਤੋ ਰੋਕਣ ਲਈ ਪੁਲਿਸ ਵੱਲੋਂ ਛਾਪੇਮਾਰੀ ਤੇ ਕਿਸਾਨਾਂ ਦੀ ਗ੍ਰਿਫਤਾਰੀ ਦੌਰਾਨ ਭਵਾਨੀਗੜ੍ਹ ਦੇ ਪਿੰਡ ਮਾਝੀ ਦੇ ਇੱਕ ਕਿਸਾਨ ਆਗੂ ਨੂੰ ਦਿਲ ਦਾ ਦੌਰਾ ਪੈ ਗਿਆ। ਹਾਲਤ ਸੰਵੇਦਨਸ਼ੀਲ ਹੋਣ ਕਾਰਨ ਉਸਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।


ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲੀਸ ਛਾਪਿਆਂ ਕਾਰਨ ਰੂਪੋਸ਼ ਹੋਏ ਭਾਕਿਯੂ (ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਸਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਨੇ ਫੋਨ ‘ਤੇ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਪੁਲੀਸ ਛਾਪਿਆਂ ਕਾਰਣ ਪਿੰਡ ਮਾਝੀ ਦੇ ਇਕਾਈ ਪ੍ਰਧਾਨ ਨਾਹਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ
ਇਸੇ ਤਰ੍ਹਾਂ ਪਿੰਡ ਮਾਝੀ ਵਿਖੇ ਛਾਪੇ ਦੌਰਾਨ ਅੱਜ ਪੁਲੀਸ ਮੁਲਾਜ਼ਮਾਂ ਨੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਬਾਬੂ ਸਿੰਘ ਮਾਝੀ ਦੇ ਔਰਤਾਂ ਸਮੇਤ ਪਰਿਵਾਰਕ ਮੈਂਬਰਾਂ ਨਾਲ ਦੁਰਵਿਹਾਰ ਕੀਤਾ ਹੈ।

ਉਗਰਾਹਾਂ ਗਰੁੱਪ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਜਥੇਬੰਦਕ ਤਾਕਤ ਤੋਂ ਕੈਪਟਨ ਸਰਕਾਰ ਘਬਰਾ ਕੇ ਇਹ ਜ਼ੁਲਮ ਕਰ ਰਹੀ ਹੈ। ਦੂਜੇ ਪਾਸੇ, ਭਵਾਨੀਗੜ੍ਹ ਦੇ ਥਾਣਾ ਮੁਖੀ ਇੰਸਪੈਕਟਰ ਚਰਨਜੀਵ ਲਾਂਬਾ ਨੇ ਦੱਸਿਆ ਕਿ ਪੁਲੀਸ ਵਲੋਂ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਮਕਸਦ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਸਾਰੇ ਮੁਲਾਜ਼ਮਾਂ ਨੂੰ ਛਾਪਿਆਂ ਸਮੇਂ ਕਿਸਾਨਾਂ ਨਾਲ ਵਧੀਆ ਵਰਤਾਓ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।