ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਨੇ 7 ਫਰਵਰੀ ਨੂੰ ਪੰਜਾਬ ਭਰ ਵਿੱਚ ਦੋ ਘੰਟੇ ਲਈ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ। ਜਥੇਬੰਦੀਆਂ ਵੱਲੋਂ 12 ਤੋਂ 2 ਵਜੇ ਤਕ ਪੰਜਾਬ ਭਰ ਵਿੱਚ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਜੇਕਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਕੇ ਕਿਸਾਨਾਂ ਦੇ ਮਸਲੇ ਹੱਲ ਨਾ ਕੀਤੇ ਤਾਂ 7 ਫਰਵਰੀ ਨੂੰ ਵੱਡੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ। ਇਹ ਐਲਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਹੋਇਆ।
ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਵੋਟਾਂ ਬਟੋਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਉਸ ਸਮੇਂ ਕਿਸਾਨਾਂ ਦਾ ਸਹਿਕਾਰੀ, ਸਰਕਾਰੀ, ਪ੍ਰਾਈਵੇਟ ਬੈਂਕਾਂ ਤੇ ਆੜ੍ਹਤੀਆਂ ਸਮੇਤ ਸਮੁੱਚਾ ਕਰਜ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਸੀ, ਪਰ ਹੁਣ ਸਰਕਾਰ ਵਾਅਦੇ ਤੋਂ ਮੁੱਕਰ ਚੁੱਕੀ ਹੈ। ਕਿਸਾਨਾਂ ਦੀਆਂ ਖੁਦਕੁਸ਼ੀਆਂ ਵਿੱਚ ਲਗਾਤਾਰ ਵਾਧਾ ਜਾਰੀ ਹੈ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡਾ ਸਿੰਘ ਜੇਠੂ ਕੇ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਬੂਟਾ ਸਿੰਘ ਬੁਰਜ ਗਿੱਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਦੇਵ ਸਿੰਘ ਜ਼ੀਰਾ, ਕਿਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਛੀਨਾ, ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਗੁਰਮੀਤ ਸਿੰਘ ਸ਼ਾਮਲ ਹੋਏ।