ਮਾਨਸਾ: ਪੰਜਾਬ ਵਿੱਚ ਸੱਤ ਫਰਵਰੀ ਨੂੰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟੇ ਦੁਪਹਿਰ 12 ਤੋਂ 2 ਵਜੇ ਤੱਕ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਇਸ ਐਲਾਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਡੱਟ ਕੇ ਤਿਆਰੀ ਕਰ ਰਹੀ ਹੈ। ਇਸ ਲਈ ਪਿੰਡਾਂ-ਪਿੰਡਾ ਵਿੱਚ ਰੈਲੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾ ਦੀ ਪ੍ਰਧਾਨਗੀ ਹੇਠ ਮਾਨਸਾ ਗੁਰੂ ਘਰ ਸਿੰਘ ਸਭਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰੈੱਸ ਸਕੱਤਰ ਗੋਰਾ ਸਿੰਘ ਭੈਣੀਬਾਘਾ, ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਬਲਾਕ ਦੀਆਂ ਇਕਾਈਆਂ ਦੇ ਪ੍ਰਧਾਨ ਜਨਰਲ ਸਕੱਤਰਾਂ ਤੇ ਵਰਕਰਾਂ ਨੇ ਹਾਜ਼ਰੀ ਲਵਾਈ।

ਇਸ ਮੀਟਿੰਗ ਵਿੱਚ ਸੱਤ ਫਰਵਰੀ ਨੂੰ ਸਾਂਝਾ ਸੜਕ ਚੱਕਾ ਜਾਮ ਬਾਰਾਂ ਵਜੇ ਤੋਂ ਦੋ ਵਜੇ ਤੱਕ ਦੋ ਘੰਟੇ ਲਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਸੱਤ ਫਰਵਰੀ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਤੇ ਕਾਲੇ ਕਾਨੂੰਨਾਂ ਖਿਲਾਫ ਦੋ ਘੰਟੇ ਚੱਕਾ ਜਾਮ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਵੇਲੇ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਤੋਂ ਟਾਲ ਮਟੋਲ ਨੀਤੀ ਕਰਕੇ ਕਿਸਾਨਾਂ ਵਿੱਚ ਗੁੱਸੇ ਦੀ ਲਹਿਰ ਹੈ। ਸਰਕਾਰ ਕਿਸਾਨਾਂ ਦੇ ਕਰਜ਼ੇ ਦੀ ਮਾਫ਼ੀ ਦੀ ਗੱਲ ਕਰ ਕਿਸਾਨਾਂ ਨੂੰ ਜਿੱਥੇ ਗੁਮਰਾਹ ਕੀਤਾ ਜਾ ਰਿਹਾ ਹੈ, ਉੱਥੇ ਕਿਸਾਨੀ ਸੰਘਰਸ਼ਾਂ ਨੂੰ ਦਬਾਉਣ ਵਾਸਤੇ ਪਕੋਕਾ ਵਰਗੇ ਕਾਲੇ ਕਾਨੂੰਨਾਂ ਲਾਗੂ ਕਰਨ ਦੀ ਤਿਆਰੀ ਕਰ ਰੱਖੀ ਹੈ। ਇਸ ਨੂੰ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ।

ਜ਼ਿਲ੍ਹਾ ਮਾਨਸਾ ਮਾਨਸਾ ਵਿੱਚ ਤਿੰਨਾਂ ਥਾਵਾਂ ਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਕਿਸਾਨਾਂ ਦਾ ਕਰਜ਼ਾ ਖ਼ਤਮ ਨਹੀਂ ਕਰੇਗੀ, ਸੰਘਰਸ਼ ਜਾਰੀ ਰਹੇਗਾ।