ਮਾਨਸਾ: ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਪਕੋਕਾ ਕਾਨੂੰਨ ਵਿਰੁੱਧ ਬਰਨਾਲਾ ਵਿੱਚ ਸੰਘਰਸ਼ਸੀਲ ਜਥੇਬੰਦੀਆਂ ਵੱਲੋਂ ਕੱਲ੍ਹ ਨੂੰ ਹੋਣ ਵਾਲੀ ਮਹਾ ਰੈਲੀ ਨੂੰ ਸਫਲ ਬਣਾਉਣ ਲਈ ਮਾਨਸਾ ਜ਼ਿਲ੍ਹੇ ਦੇ ਬਲਾਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਧਿੰਗੜ੍ਹ, ਮਾਖਾ, ਅਕਲੀਆ, ਤਲਵੰਡੀ, ਬਹਿਣੀਵਾਲ, ਭੰਮੇ ਬੁਰਜ, ਉੁੱਲਕ ਵਿੱਚ ਰੈਲੀਆਂ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਇਨ੍ਹਾਂ ਰੈਲੀਆਂ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਮਨਜੀਤ ਸਿੰਘ ਉਲੱਕ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨੀ ਦੀ ਹਾਲਤ ਦਿਨ-ਬ-ਦਿਨ ਨਿੱਘਰਦੀ ਜਾ ਰਹੀ ਹੈ। ਸਰਕਾਰਾਂ ਤੋਂ ਸੰਘਰਸ਼ ਕਰਕੇ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਾਉਣ ਲਈ ਜੱਦੋ-ਜਹਿਦ ਕਰ ਰਹੇ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਸਰਕਾਰਾਂ ਵੱਲੋਂ ਪਕੋਕਾ ਨਾਂ ਦਾ ਕਾਲਾ ਕਾਨੂੰਨ ਲਿਆਂਦਾ ਜਾ ਰਿਹਾ ਹੈ। ਇਸ ਨੂੰ ਕਿਸੇ ਵੀ ਕੀਮਤ ਤੇ ਪਾਸ ਨਹੀਂ ਹੋਣ ਦਿੱਤਾ ਜਾਵੇਗਾ।
ਕਿਸਾਨ ਆਗੂਆਂ ਨੇ ਕੱਲ੍ਹ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਹੋ ਰਹੀ ਵਿਸਾਲ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਸਿੰਘ ਅਕਲੀਆ ਤਲਵੰਡੀ ਦਰਸ਼ਨ ਸਿੰਘ ਭੈਣੀ ਬਾਘਾ ਤੇ ਪਿੰਡਾਂ ਦੇ ਪ੍ਰਧਾਨ ਸਕੱਤਰ ਹਾਜ਼ਰ ਹੋਏ।