ਅੰਮ੍ਰਿਤਸਰ: ਮੋਦੀ ਸਰਕਾਰ ਵੱਲੋਂ ਨੀਤੀ ਅਯੋਗ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕੰਪਨੀਆਂ ਹਵਾਲੇ ਕਰਨ ਤੇ ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫੀ ਵਿੱਚ ਧੋਖਾ ਕਰਨ ਦੇ ਇਲਜ਼ਾਮ ਲਾਉਂਦਿਆਂ ਅੱਜ ਕਿਸਾਨਾਂ ਨੇ ਅੰਮ੍ਰਿਤਸਰ-ਤਰਨ ਤਾਰਨ ਮਾਰਗ 'ਤੇ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਮੋਦੀ-ਕੈਪਟਨ ਦੇ ਪੂਤਲੇ ਫੂਕੇ।
ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਮੋਦੀ ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਮੇਕ ਇੰਡੀਆ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ 500-1000 ਏਕੜ ਦੇ ਫਾਰਮ ਬਣਾ ਕੇ ਕਿਸਾਨਾਂ ਨੂੰ ਖੇਤੀ ਦੇ ਕਿੱਤੇ ਤੋਂ ਲਾਂਭੇ ਕਰਨਾ ਚਾਹੁੰਦੀ ਹੈ, ਜੋ ਕਿਸਾਨ ਵਿਰੋਧੀ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਖਰੜਾ ਤਿਆਰ ਕਰਕੇ ਸੂਬਾ ਸਰਕਾਰ ਨੂੰ ਭੇਜਿਆ ਗਿਆ ਹੈ ਤੇ ਜਲਦ ਹੀ ਨੀਤੀ ਅਯੋਗ ਰਾਹੀਂ ਜ਼ਮੀਨ ਇਕੱਠੀ ਕਰਕੇ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਿਸਾਨਾਂ ਤੋਂ ਖੋਹੀਆਂ ਹੋਈਆਂ ਜਮੀਨਾਂ ਤੇ ਸਾਰੀ ਖੇਤੀ ਦਾ ਪ੍ਰਬੰਧ ਪ੍ਰਾਈਵੇਟ ਕੰਪਨੀਆਂ ਕਰਨਗੀਆਂ ਤੇ ਜ਼ਮੀਨਾਂ ਦੇ ਮਾਲਕ ਕਿਸਾਨ ਉਨ੍ਹਾਂ ਖੇਤਾਂ ਵਿੱਚ ਮਜਦੂਰੀ ਕਰਨਗੇ। ਪੰਧੇਰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਮੰਦਹਾਲੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਤੇ ਮਜਬੂਰ ਹੋ ਕੇ ਖੁਦਕੁਸ਼ੀਆਂ ਕਰ ਰਿਹਾ ਹੈ। ਜੇਕਰ ਕੇਂਦਰ ਸਰਕਾਰ ਅਜਿਹਾ ਕਰਦੀ ਹੈ ਤਾਂ ਕਿਸਾਨ ਹੋਰ ਦੱਬਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਿਸੇ ਵੀ ਸ਼ਰਤ 'ਤੇ ਨਹੀਂ ਹੋਣ ਦਿੱਤਾ ਜਾਵੇਗਾ।
ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫੀ ਨੂੰ ਇੱਕ ਡਰਾਮਾ ਦੱਸਦਿਆਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਥਾਂ ਉਨ੍ਹਾਂ ਨਾਲ ਮਜ਼ਾਕ ਕੀਤਾ ਹੈ ਤੇ ਸਿਰਫ ਆਪਣੇ ਕੁਝ ਚਾਹੇਤਿਆਂ ਦੇ ਹੀ ਕਰਜ਼ੇ ਮੁਆਫ ਕੀਤੇ ਹਨ। ਉਨ੍ਹਾਂ ਕਈ ਕਿਸਾਨਾਂ ਨੂੰ 100-300 ਰੁਪਏ ਦੇ ਚੈੱਕ ਦੇ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਹੈ।