ਚੰਡੀਗੜ੍ਹ: ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਅੱਜ 18 ਜਨਵਰੀ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ। ਮੋਰਚੇ ਨੇ ਸੂਬਾ ਸਰਕਾਰ ਵੱਲੋਂ ਪੰਜ ਏਕੜ ਤੱਕ ਦੀ ਮਾਲਕੀ ਵਾਲ਼ੇ ਕਿਸਾਨਾਂ ਦੀ ਦੋ ਲੱਖ ਤੱਕ ਦੀ ਕਰਜ਼ਾ ਮੁਆਫ਼ੀ ਨੂੰ ਨਿਗੂਣੀ ਦੱਸਦਿਆਂ ਮੰਗ ਕੀਤੀ ਕਿ ਸਰਕਾਰ ਵਾਅਦੇ ਮੁਤਾਬਕ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰੇ।
ਕਿਸਾਨ ਧਿਰਾਂ ਦੇ ਸਾਂਝਾ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ (ਢੁੱਡੀਕੇ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਕਿਸਾਨ ਸੰਘਰਸ਼ ਕਮੇਟੀ (ਪੰਨੂ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੇ ਕਿਸਾਨ ਸੰਘਰਸ਼ ਕਮੇਟੀ (ਆਜ਼ਾਦ) ਸ਼ਾਮਲ ਹਨ।
ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਉੱਪਲ ਨੇ ਕਿਹਾ ਕਿ ਇਹ ਧਰਨਾ ਮੁਕੰਮਲ ਕਰਜ਼ਾ ਮੁਕਤੀ ਸਮੇਤ ਦਰਜਨ ਭਰ ਹੋਰ ਕਿਸਾਨੀ ਮੰਗਾਂ ’ਤੇ ਆਧਾਰਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਸਰਕਾਰ ਨੇ ਸਾਰੇ ਕਰਜ਼ੇ 'ਤੇ ਲਕੀਰ ਮਾਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਕਈ ਸ਼ਰਤਾਂ ਥੋਪ ਦਿੱਤੀਆਂ ਹਨ।