Farmer Protest: ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਬਾਕੀ ਮੰਗਾਂ ਦੀ ਪੂਰਤੀ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨ ਵਿਰੁਧ ਪ੍ਰਦਰਸ਼ਨਾਂ ਦੌਰਾਨ ਦਿੱਲੀ ਪੁਲਿਸ ਵੱਲੋਂ ਦਰਜ 54 'ਚੋਂ 17 ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਦਿੱਲੀ ਪੁਲਿਸ ਵੱਲੋਂ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਜੋ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋਈ ਹੈ, ਉਸ ਵਿੱਚ ਪਿਛਲੇ ਸਾਲ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਨਾਲ ਸਬੰਧਤ ਇੱਕ ਮਾਮਲਾ ਵੀ ਸ਼ਾਮਲ ਹੈ।

ਇਹ ਪ੍ਰਦਰਸ਼ਨ ਦਸੰਬਰ 2021 ਵਿੱਚ ਤਿੰਨ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਖਤਮ ਹੋ ਗਏ ਸਨ। ਕੇਂਦਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਲਈ ਵੀ ਸਹਿਮਤੀ ਦਿੱਤੀ ਸੀ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਦੋਸ਼ੀਆਂ ਖਿਲਾਫ ਦੋਸ਼ ਵਾਪਸ ਲੈਣ ਲਈ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਦਰਜ 54 ਮਾਮਲਿਆਂ 'ਚੋਂ 17 ਦੀ ਪਛਾਣ ਕੀਤੀ ਹੈ। ਦਿੱਲੀ ਪੁਲਿਸ ਨੇ ਇਨ੍ਹਾਂ ਕੇਸਾਂ ਦੀਆਂ ਫਾਈਲਾਂ ਦਿੱਲੀ ਸਰਕਾਰ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਅੰਦੋਲਨ ਦੀ ਅਗਵਾਈ ਕਰ ਰਿਹਾ ਸੰਯੁਕਤ ਕਿਸਾਨ ਮੋਰਚਾ ਲਗਾਤਾਰ ਕੇਂਦਰ ਸਰਕਾਰ 'ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਵੱਲੋਂ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਦਾਅਵੇ ਕੀਤੇ ਜਾ ਚੁੱਕੇ ਹਨ। ਪਰ ਸੰਯੁਕਤ ਕਿਸਾਨ ਮੋਰਚਾ ਨੇ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਮੁੜ ਅੰਦੋਲਨ ਕਰਨ ਦੀ ਚਿਤਾਵਨੀ ਦਿੱਤੀ ਹੈ।