Farmer Protest : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਦੇਸ਼ ਭਰ ਦੇ ਕਿਸਾਨ ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਹਨ। ਇਸ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਮੋਰਚੇ ਦੇ ਆਗੂ ਅਤੇ ਹੋਰ ਕਿਸਾਨਾਂ ਵੱਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ। ਕਿਸਾਨ ਆਗੂਆਂ ਦੇ ਮੁਤਾਬਕ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ।

 

ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਪੰਜਾਬ ਦੇ ਕਿਸਾਨ ਪਿੰਡਾਂ ਤੋਂ ਆਪੋ-ਆਪਣੇ ਵਾਹਨਾਂ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ ਹਨ।  ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ 'ਤੇ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਦੋਸ਼ ਲਗਾਏ ਹਨ। ਕਿਸਾਨਾਂ ਦੀਆਂ ਲਖੀਮਪੁਰ ਖੇੜੀ ਦਾ ਇਨਸਾਫ਼, ਐਮਐਸਪੀ ਗਾਰੰਟੀ ਕਾਨੂੰਨ, ਕਿਸਾਨਾਂ ਦੇ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਹਨ। 

 


ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅੰਤ 'ਚ ਕਿਸਾਨਾਂ ਨਾਲ ਵਾਅਦੇ ਕੀਤੇ ਹਨ ,ਜੋ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਕੋਈ ਇਨਸਾਫ਼ ਮਿਲਿਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। 

 

ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਿਸਾਨਾਂ ਵੱਲੋਂ ਪਹਿਲਾਂ ਵੀ ਕਈ ਵਾਰ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 2024 ਐਮ.ਪੀ. ਚੋਣਾਂ ਦੌਰਾਨ ਪੰਜਾਬ ਭਰ 'ਚ ਪਿੰਡ-ਪਿੰਡ ਆਉਣ ਵਾਲੇ ਆਗੂਆਂ ਦੀ ਘੇਰਾਬੰਦੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਮਾਰਚ ਕੱਢਣ ਦੀ ਗੱਲ ਵੀ ਆਖੀ ਅਤੇ ਕਿਹਾ ਕਿ ਉਹ ਰਾਜ ਸਭਾ ਅਤੇ ਸੰਸਦ ਦਾ ਘਿਰਾਓ ਵੀ ਕਰ ਸਕਦੇ ਹਨ।