ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ 'ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਇਸ ਗੱਲ ਦਾ ਖੁਲਾਸਾ ਹਾਲ ਹੀ ਵਿਚ ਪੰਜਾਬ ਵਿਚ ਕਿਸਾਨਾਂ ਦੀ ਆਤਮ ਹੱਤਿਆ ਦੇ ਵੱਧਦੇ ਮਾਮਲਿਆਂ ਦੀ ਪੜਤਾਲ ਕਰਨ ਲਈ ਸਰਕਾਰ ਦੇ ਆਦੇਸ਼ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (ਪੀਏਯੂ), ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵੱਲੋਂ ਕੀਤੇ ਗਏ ਇਕ ਸਰਵੇ ਵਿਚ ਹੋਇਆ ਹੈ। ਇਸ ਰਿਪੋਰਟ ਦੇ ਅਨੁਸਾਰ ਸਾਲ 2000 ਤੋਂ ਲੈ ਕੇ 2015 ਤਕ ਪੰਜਾਬ ਵਿਚ 16 ਹਜ਼ਾਰ 606 ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਵਿਚ 9007 ਪੰਜਾਬ ਦੇ ਕਿਸਾਨ ਹਨ ਤੇ 7234 ਖੇਤੀਬਾੜੀ ਮਜ਼ਦੂਰ ਹਨ। ਰਿਪੋਰਟ ਅਨੁਸਾਰ ਪੰਜਾਬ ਦੇ 6 ਜ਼ਿਲ੍ਹੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਜਿਨ੍ਹਾਂ ਵਿਚ 88 ਫ਼ੀਸਦੀ ਖੁਦਕੁਸ਼ੀਆਂ ਦੇ ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ) ਅੰਮਿ੍ਰਤਸਰ ਵੱਲੋਂ ਪੰਜਾਬ ਦੇ 22 ਜ਼ਿਲ੍ਹਿਆਂ ਵਿਚ ਇਹ ਸਰਵੇ ਕੀਤਾ ਗਿਆ ਹੈ। ਪੰਜਾਬ ਦੀ ਟਾਪ ਤਿੰਨ ਯੂਨੀਵਰਸਿਟੀਆਂ ਵੱਲੋਂ ਪੰਜਾਬ ਵਿਚ 2000 ਤੋਂ ਲੈ ਕੇ 2015 ਤਕ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਖੁਦਕੁਸ਼ੀਆਂ ਦੀ ਰਿਪੋਰਟ ਤਿਆਰ ਕਰ ਸਰਕਾਰ ਨੂੰ ਸੌਂਪ ਦਿੱਤੀ ਹੈ। ਉੱਥੇ ਇਸ ਡਾਟੇ ਨੂੰ ਲੈ ਕੇ ਪੰਜਾਬ ਸਰਕਾਰ ਕਿਸਾਨ ਯੂਨਿਅਨ ਵੱਲੋਂ ਕਿਸਾਨਾਂ ਨੂੰ ਮੁਆਵਜਾ ਦਿਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਰਹੀ ਹੈ।