ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡ ਫਿੱਡੇ ਕਲਾਂ ਦੇ ਨੌਜਵਾਨ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਆਈ ਹੈ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ (32) ਪੁੱਤਰ ਕੁਲਵੰਤ ਸਿੰਘ ਵਜੋਂ ਹੋਈ ਹੈ। ਸੁਰਿੰਦਰ ਸਿਰ ਤਕਰੀਬਨ ਤਿੰਨ ਲੱਖ ਦਾ ਕਰਜ਼ਾ ਸੀ।

ਮ੍ਰਿਤਕ ਕਿਸਾਨ ਢਾਈ ਏਕੜ ਜ਼ਮੀਨ ਦਾ ਮਾਲਕ ਸੀ। ਸੁਰਿੰਦਰ ਸਿੰਘ ਆਪਣੇ ਪਿੱਛੇ ਛੇ ਸਾਲ ਦਾ ਬੱਚਾ, ਪਤਨੀ, ਮਾਤਾ ਤੇ ਭਰਾ ਨੂੰ ਛੱਡ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਰਜ਼ ਵਾਪਸ ਨਾ ਕਰਨ 'ਤੇ ਬੈਂਕ ਅਧਿਕਾਰੀ ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਘਰ ਆ ਕੇ ਚੇਤਾਵਨੀ ਦਿੱਤੀ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਚੱਲਦਾ ਸੀ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਅੱਜ ਸਵੇਰੇ ਸੁਰਿੰਦਰ ਖੇਤ ਵੱਲ ਗਿਆ ਤਾਂ ਵਾਪਸ ਨਾ ਮੁੜਿਆ। ਉਸ ਨੇ ਉੱਥੇ ਕੋਈ ਜ਼ਹਿਰੀਲੀ ਚੀਜ਼ ਨਿਗਲ਼ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਦੇ ਪਰਿਵਾਰ ਦੀ ਆਰਥਕ ਹਾਲਤ ਕਾਫੀ ਮੰਦੀ ਹੈ।

ਪਰਿਵਾਰ ਦਾ ਦੁੱਖ ਵੰਡਾਉਣ ਆਏ ਕਿਸਾਨ ਆਗੂ ਜਗਮੀਤ ਸਿੰਘ ਨੇ ਕਿਹਾ ਕਿ ਨੌਜਵਾਨ ਕਿਸਾਨ ਬੈਂਕ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਕਰਜ਼ ਮੁਆਫ਼ੀ ਤੋਂ ਤੰਗ ਸੀ, ਜਿਸ ਕਰ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਮੰਗ ਕੀਤੀ ਕਿ ਬੈਂਕ ਮੈਨੇਜਰ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ।