ਕਰਜ਼ਾ ਮੁਆਫ਼ੀ 'ਤੇ ਕੈਪਟਨ ਸਰਕਾਰ ਦਾ ਖਹਿੜਾ ਨਹੀਂ ਛੱਡਣਗੇ ਕਿਸਾਨ
ਏਬੀਪੀ ਸਾਂਝਾ | 06 Jan 2019 12:01 PM (IST)
ਚੰਡੀਗੜ੍ਹ: ਕਰਜ਼ਾ ਮੁਆਫ਼ੀ ਦੇ ਮੁੱਦੇ ਨੂੰ ਲੈ ਕੇ ਕਿਸਾਨ ਅਜੇ ਕੈਪਟਨ ਸਰਕਾਰ ਦਾ ਖਹਿੜਾ ਨਹੀਂ ਛੱਡਣਗੇ। ਬੇਸ਼ੱਕ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਮੁਕੰਮਲ ਕਰਜ਼ਾ ਮੁਆਫ਼ੀ ਤੇ ਕਰਜ਼ਾ ਯੋਜਨਾ ਸਰਲ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ’ਚ ਐਸਬੀਆਈ ਦਫ਼ਤਰ ਦੇ ਬਾਹਰ ਲਾਇਆ ਧਰਨਾ ਸ਼ਨੀਵਰ ਨੂੰ 5 ਵੇਂ ਦਿਨ ਚੁੱਕ ਲਿਆ ਪਰ ਨਾਲ ਹੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਯੂਨੀਅਨ ਉਗਰਾਹਾਂ ਸਮੇਤ ਸੱਤ ਕਿਸਾਨ ਜਥੇਬੰਦੀਆਂ ਵੱਲੋਂ 18 ਜਨਵਰੀ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਧਰਨੇ ਦੇਣ ਦੇ ਐਲਾਨ ਕੀਤਾ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਵੇਖਦਿਆਂ ਸਰਕਾਰ ਵਿੱਚ ਵੀ ਘਬਰਾਹਟ ਹੈ। ਸਰਕਾਰ ਵੱਲੋਂ 7 ਜਨਵਰੀ ਲਈ ਮੁੱਖ ਸਕੱਤਰ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਪਰ ਸੂਬਾਈ ਲੀਡਰਸ਼ਿਪ ਨੇ ਇਸ ਨੂੰ ਰੱਦ ਕਰ ਦਿੱਤਾ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਥੇਬੰਦੀ ਮੁੱਖ ਮੰਤਰੀ ਤੋਂ ਬਿਨਾਂ ਕਿਸੇ ਨਾਲ ਮੀਟਿੰਗ ਨਹੀਂ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਕਰਜ਼ ਮਾਫੀ ਦੇ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੇ ਹਨ ਕਿਉਂਕਿ ਕਾਂਗਰਸ ਦੇਸ਼ ਵਿੱਚ ਕਿਸਾਨਾਂ ਦੀ ਕਰਜ਼ ਮਾਫੀ ਨੂੰ ਵੱਡਾ ਮੁੱਦਾ ਬਣਾ ਰਹੀ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਚੋਣਾਂ ਤੋਂ ਪਹਿਲਾਂ ਪੂਰੇ ਕਰਜ਼ੇ 'ਤੇ ਲਕੀਰ ਮਾਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਬਣਦਿਆਂ ਹੀ ਕਈ ਸ਼ਰਤਾਂ ਜੜ੍ਹ ਦਿੱਤੀਆਂ।