ਚੰਡੀਗੜ੍ਹ: ਚੋਣਾਂ ਦੇ ਮਾਹੌਲ ਵਿੱਚ ਕਿਸਾਨ ਜਥੇਬੰਦੀਆਂ ਵੀ ਲੀਡਰਾਂ ਨਾਲ ਦੋ ਹੱਥ ਕਰਨ ਲਈ ਜੁੱਟ ਗਈਆਂ ਹਨ। ਕਣਕ ਦਾ ਸੀਜ਼ਨ ਖ਼ਤਮ ਹੋਣ ਮਗਰੋਂ ਕਿਸਾਨਾਂ ਨੇ ਕਮਰਕੱਸ ਲਈ ਹੈ। ਕਿਸਾਨ ਜਥੇਬੰਦੀਆਂ ਨੇ ਸਿਆਸੀ ਧਿਰਾਂ ਨੂੰ ਚੋਣ ਵਾਅਦੇ ਯਾਦ ਕਰਵਾਉਣ ਤੇ ਆਪਣੇ ਮਸਲੇ ਹੱਲ ਕਰਵਾਉਣ ਲਈ ਮੈਦਾਨ ਵਿੱਚ ਨਿੱਤਰਣ ਦਾ ਫ਼ੈਸਲਾ ਲਿਆ ਹੈ।


ਇਸੇ ਕੜੀ ਤਹਿਤ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ 14 ਮਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਸੂਬਾਈ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਪਟਿਆਲਾ ਦੀ ਸਰਹਿੰਦ ਰੋਡ ’ਤੇ ਸਥਿਤ ਨਵੀਂ ਅਨਾਜ ਮੰਡੀ ਵਿੱਚ ਹੋਏਗੀ। ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਇਹ ਕਿਸਾਨ ਰੈਲੀ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਵੱਲੋਂ ਕੀਤੇ ਗਏ ਚੋਣ ਵਾਅਦੇ ਯਾਦ ਕਰਵਾਉਣ ਤੇ ਕਿਸਾਨਾਂ ਦੇ ਕਰਜ਼ੇ ’ਤੇ ਲੀਕ ਮਰਵਾਉਣ ਲਈ ਕੀਤੀ ਜਾ ਰਹੀ ਹੈ।

ਉਧਰ, ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵੀ 15 ਮਈ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਲਾਕੇ ਬਠਿੰਡਾ ਵਿੱਚ ਖੇਤ ਮਜ਼ਦੂਰਾਂ ਨਾਲ ਰਲ ਕੇ ਸੂਬਾਈ ਰੈਲੀ ਕੀਤੀ ਜਾ ਰਹੀ ਹੈ। ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਰੈਲੀ ਦੌਰਾਨ ਲੋਕਾਂ ਨੂੰ ਸਰਕਾਰਾਂ ਦੇ ਕਿਸਾਨ ਵਿਰੋਧੀ ਰਵੱਈਏ ਤੇ ਨੀਤੀਆਂ ਸਬੰਧੀ ਜਾਣੂ ਕਰਵਾਉਂਦਿਆਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

ਇਸ ਦੌਰਾਨ ਸਿਆਸਤਦਾਨਾਂ ਤੇ ਰਾਜਸੀ ਪਾਰਟੀਆਂ ਵੱਲੋਂ ਵੋਟਾਂ ਬਟੋਰਨ ਲਈ ਅਪਣਾਈ ਥੋਥੀ ਚੋਣ ਪ੍ਰਣਾਲੀ ਨੂੰ ਬੇਪਰਦ ਕੀਤਾ ਜਾਏਗਾ। ਇਸ ਤੋਂ ਇਲਾਵਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਲਈ ਵੋਟ ਪਾਰਟੀਆਂ ਤੋਂ ਝਾਕ ਛੱਡ ਕੇ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨ ਦਾ ਹੋਕਾ ਦਿੱਤਾ ਜਾਏਗਾ।

ਦੋਵਾਂ ਜਥੇਬੰਦੀਆਂ ਦੇ ਜਨਰਲ ਸਕੱਤਰਾਂ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ 12 ਜ਼ਿਲ੍ਹਿਆਂ ਦੇ 155 ਪਿੰਡਾਂ ’ਚ ਮਾਰਚ ਤੇ ਰੈਲੀਆਂ ਕੀਤੀਆਂ ਗਈਆਂ ਹਨ। ਇਹ ਮਾਰਚ ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ ਤੇ ਪਟਿਆਲਾ ਵਿਚ ਕੀਤੇ ਗਏ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਚੋਣਾਂ ਜਿੱਤਣ ਲਈ ਲੋਕਾਂ ਨਾਲ ਕਈ ਕਿਸਮ ਦੇ ਲੁਭਾਉਣੇ ਵਾਅਦੇ ਕਰਦੀਆਂ ਹਨ ਪਰ ਇਹ ਵਾਅਦੇ ਕਦੇ ਪੂਰੇ ਨਹੀਂ ਹੋਏ ਤੇ ਨਾ ਹੀ ਅਗਾਂਹ ਪੂਰੇ ਹੋਣੇ ਹਨ।