Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਲਗਾਈ ਅੱਗ ਨੂੰ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ , ਨਾਇਬ ਤਹਿਸੀਲਦਾਰ, ਖੇਤੀਬਾੜੀ ਵਿਭਾਗ ਦੀ ਟੀਮ ਆਦਿ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆ ਵੱਲੋਂ ਬੰਦੀ ਬਣਾਇਆ ਗਿਆ ਹੈ।ਕਿਸਾਨਾਂ ਨੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਖ਼ੁਦ ਚਲਾ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਖੜ੍ਹਾ ਕਰ ਦਿੱਤਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਬੰਦੀ ਬਣਾਈ ਗਈ ਟੀਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਉਕਤ ਕਿਸਾਨ ਜਥੇਬੰਦੀ ਅਤੇ ਪਿੰਡ ਵਾਸੀਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਮਿਲਣ 'ਤੇ ਟੀਮ ਨੂੰ ਛੱਡ ਦਿੱਤਾ ਹੈ। 

 


 

ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਤ ਖੇਤਰਾਂ 'ਚ ਅਜਿਹੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

 

ਪਿਛਲੇ ਦਿਨਾਂ ਦੌਰਾਨ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਅਤੇ ਮੁਕਾਮੀ ਪੱਧਰ ਦੀ ਸਥਿਤੀ ਅਨੁਸਾਰ ਸੁਝਾਅ ਲੈਂਦਿਆਂ ਮੁੱਖ ਸਕੱਤਰ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਨੰਬਰਦਾਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਹਦਾਇਤ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਉਥੋਂ ਦੇ ਨੰਬਰਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।