ਚੰਡੀਗੜ੍ਹ: ਡੀਜ਼ਲ ਦੇ ਭਾਅ ਵਿੱਚ ਵਾਧੇ ਨੂੰ ਵੇਖਦਿਆਂ ਕਿਸਾਨਾਂ ਨੇ ਵੀ ਝੋਨੇ ਦੀ ਫ਼ਸਲ ’ਤੇ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਸਰਕਾਰ ’ਤੇ ਕਿਸਾਨੀ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾਉਂਦਿਆਂ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤੇ ਡੀਜ਼ਲ ਦੇ ਭਾਅ ਵਿੱਚ ਰਿਕਾਰਡ ਵਾਧਾ ਹੋਣ ਕਰਕੇ ਝੋਨੇ ਦੀ ਫ਼ਸਲ ’ਤੇ 300 ਰੁਪਏ ਬੋਨਸ ਦਿੱਤਾ ਜਾਵੇ।
ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਕਰਨ ਦੀ ਇਜ਼ਾਜਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਫ਼ਸਲ ਨਾਲ ਕਿਸਾਨਾਂ ਦੀ ਵਿੱਤੀ ਹਾਲਤ ਸੁਧਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਿਸਾਨਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਭਾਰ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ ਪਰ ਸਰਕਾਰ ਇਸ ਮਾਮਲੇ ’ਤੇ ਕੁੱਝ ਵੀ ਨਹੀਂ ਕਰ ਰਹੀ।
ਕਿਸਾਨ ਆਗੂ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਪਰ ਪਰਾਲੀ ਦੇ ਨਿਪਟਾਰੇ ਲਈ ਪ੍ਰਤੀ ਏਕੜ 5 ਹਜ਼ਾਰ ਰੁਪਏ ਕੌਣ ਖ਼ਰਚ ਕਰੇਗਾ, ਇਸ ਬਾਰੇ ਵੀ ਸਰਕਾਰ ਦੱਸੇ ਤੇ ਕਿਸਾਨਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਰਾਸ਼ੀ ਮੁਹੱਈਆ ਕਰਾਏ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਖਿਲਾਫ਼ ਕਾਰਵਾਈ ਕੀਤੀ ਤਾਂ ਜਥੇਬੰਦੀ ਸੰਘਰਸ਼ ਸ਼ੁਰੂ ਕਰੇਗੀ।