Barnala - ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਲਈ ਸਮੂਹ ਟੀਮਾਂ ਵੱਲੋਂ ਸਮੇਂ ਸਮੇਂ ਨਰਮੇ ਦੀ ਫਸਲ ਵਾਲੇ ਖੇਤਾਂ ਦਾ ਦੌਰਾ ਕਰਕੇ ਫਸਲ ਦੀ ਹਾਲਤ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। 


ਇਸੇ ਲੜੀ ਤਹਿਤ ਅੱਜ ਮੁੱਖ ਖੇਤੀਬਾੜੀ ਅਫਸਰ ਦੁਆਰਾ ਆਪਣੀ ਟੀਮ ਨਾਲ ਪਿੰਡ ਪੱਖੋਂ ਕਲਾਂ ਤੇ ਰੂੜੇਕੇ ਖੁਰਦ ਵਿਖੇ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ ਗਿਆ। ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਅਤੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋਂ ਡਰਨ ਦੀ ਲੋੜ ਨਹੀਂ ਹੈ, ਬਲਕਿ ਬਚਾਅ ਲਈ ਰੋਜ਼ਾਨਾ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ।




 ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਹਰ ਮੰਗਲਵਾਰ ਅਤੇ ਵੀਰਵਾਰ ਨਰਮੇ ਵਾਲੇ ਖੇਤਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਸਰਵੇ ਦੌਰਾਨ ਹਾਲੇ ਤੱਕ ਕਿਸੇ ਵੀ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਹੀਂ ਪਾਇਆ ਗਿਆ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਦੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।


ਇਸ ਤੋ ਇਲਾਵਾ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ, ਜਿਸ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟਰੇਸ਼ਨ, ਪਰਾਲੀ ਨੂੰ ਖੇਤ ਵਿੱਚ ਵਾਹੁਣ ਵਾਲੇ ਸੰਦਾਂ ਉੱਪਰ ਚਲ ਰਹੀ ਸਬਸਿਡੀ ਬਾਰੇ ਵੀ ਜਾਣਕਾਰੀ ਦਿੱਤੀ ਗਈ। 


ਕੈਂਪ ਲਗਾਉਣ ਉਪਰੰਤ ਨਰਮੇ ਵਾਲੇ ਖੇਤਾਂ ਵਿੱਚ ਜਾ ਕੇ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਦਾ ਜਾਇਜ਼ਾ ਸਬੰਧਿਤ ਕਿਸਾਨਾਂ ਦੀ ਹਾਜ਼ਰੀ ਵਿੱਚ ਲਿਆ ਗਿਆ। ਇਸ ਮੌਕੇ ਕਿਸਾਨਾਂ ਵਿੱਚ ਗੁਰਵਿੰਦਰ ਸਿੰਘ, ਸੱਜਣ ਸਿੰਘ, ਰੂਪ ਅਵਤਾਰ ਸਰਪੰਚ, ਰੂੂੜੇਕੇ ਖੁਰਦ, ਜਰਨੈਲ ਸਿੰਘ ਸਾਬਕਾ ਸਰਪੰਚ ਰੂੜੇਕੇ ਖੁਰਦ ਤੇ ਗੋਬਿੰਦ ਸਿੰਘ, ਗੁਰਮੇਲ ਸਿੰਘ ਪੱਖੋਂ ਕਲਾਂ ਹਾਜ਼ਰ ਸਨ।   ਖੇਤੀਬਾੜੀ ਵਿਭਾਗ ਦੀ ਟੀਮ ਵਿੱਚ ਡਾ. ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਮੱਖਣ ਲਾਲ ਏ ਐਸ ਆਈ ਹਾਜ਼ਰ ਸਨ।