ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਪਣੇ ਪਸ਼ੂਆਂ ਦੀ ਢੋਆ-ਢੁਆਈ ਲਈ ਹੁਣ ਡਿਪਟੀ ਕਮਿਸ਼ਨਰਾਂ ਦੀ ਬਜਾਏ ਇਤਰਾਜ਼ਹੀਣਤਾ ਸਰਟੀਫਿਕੇਟ ਵੈਟਰਨਰੀ ਅਫ਼ਸਰ ਜਾਰੀ ਕਰ ਸਕਣਗੇ। ਇਸ ਨਾਲ ਪਸ਼ੂ ਪਾਲਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਏਗਾ।


ਇਸ ਬਾਰੇ ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਪਸ਼ੂ ਪਾਲਕਾਂ ਨੂੰ ਆਪਣੇ ਹੀ ਪਸ਼ੂਆਂ ਦੀ ਢੋਆ-ਢੁਆਈ ਲਈ ਡਿਪਟੀ ਕਮਿਸ਼ਨਰ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਲੈਣਾ ਪੈਂਦਾ ਸੀ। ਇਸ ਨਾਲ ਉਨ੍ਹਾਂ ਨੂੰ ਕਾਫੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪਸ਼ੂ ਪਾਲਕਾਂ ਦੀ ਇਸ ਖੱਜਲ-ਖੁਆਰੀ ਨੂੰ ਦੂਰ ਕਰਨ ਲਈ ਇਹ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਕਰਨ ਦੇ ਅਧਿਕਾਰ ਵੈਟਰਨਰੀ ਅਫ਼ਸਰਾਂ ਨੂੰ ਦਿੱਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੀ ਤਰਜ਼ ’ਤੇ ਲਏ ਗਏ ਇਸ ਫ਼ੈਸਲੇ ਬਾਰੇ ਨੋਟੀਫਿਕੇਸ਼ਨ ਜਲਦ ਜਾਰੀ ਕਰ ਦਿੱਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਨਾ ਕੇਵਲ ਪਸ਼ੂ ਪਾਲਕਾਂ ਦੀ ਖੱਜਲ-ਖੁਆਰੀ ਘਟੇਗੀ ਸਗੋਂ ਸੂਬੇ ਵਿੱਚ ਪਸ਼ੂਆਂ ਦਾ ਵਪਾਰ ਵੀ ਵਧੇਗਾ। ਡੇਅਰੀ ਵਿਕਾਸ ਮੰਤਰੀ ਬਾਜਵਾ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ਪਸ਼ੂਆਂ ਦੀ ਬਿਮਾਰੀ ਮੁਕਤ ਕਰਨ ਲਈ ਮੂੰਹ ਖੁਰ ਤੇ ਗਲ-ਘੋਟੂ ਦੇ ਮੁਫ਼ਤ ਟੀਕੇ ਲਾਏ ਜਾ ਰਹੇ ਹਨ।