ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਦੇ ਤਿੰਨ ਨਵੇਂ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ 92ਵੇਂ ਦਿਨ ਵੀ ਜਾਰੀ ਹੈ।ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨ 'ਜਬਰ ਵਿਰੋਧੀ ਦਿਵਸ' ਮਨਾਉਣਗੇ।ਇਸ ਵਿੱਚ ਕਿਸਾਨ ਅੰਦੋਲਨ ਦੇ ਹੋ ਰਹੇ ਜਬਰ ਦਾ ਵਿਰੋਧ ਕੀਤਾ ਜਾਏਗਾ।


ਅੱਜ ਸਾਰੀਆਂ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਜਾਵੇਗਾ ਕਿ ਕਿਸਾਨਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਕੋਈ 'ਜਬਰੀ ਕਾਰਵਾਈ' ਨਹੀਂ ਕੀਤੀ ਜਾਣੀ ਚਾਹੀਦੀ।


ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਸੱਦੇ 'ਤੇ, ਕਿਸਾਨਾਂ ਵਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ। ਸਿੰਘੂ ਸਰਹੱਦ 'ਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਭਤੀਜੇ ਅਭੈ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ। ਅਭੈ ਸੰਧੂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਮਰਨ ਤੱਕ ਭੁੱਖ ਹੜਤਾਲ ਤੇ ਬੈਠ ਜਾਣਗੇ।