ਚੰਡੀਗੜ੍ਹ: ਇੱਕ ਪਾਸੇ ਤਾਂ ਪੰਜਾਬ ਸਰਕਾਰ ਬਿਜਲੀ ਸਰਪਲੱਸ ਹੋਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ। ਕਿਸਾਨਾਂ ਨੂੰ ਕਣਕ ਦੀ ਫ਼ਸਲ ਬੀਜਣ ਲਈ ਬਿਜਲੀ ਨਹੀਂ ਮਿਲ ਰਹੀ। ਮਜਬੂਰ ਕਿਸਾਨ ਬਿਜਲੀ ਲੈਣ ਲਈ ਸੰਘਰਸ਼ ਕਰਨ ’ਤੇ ਉੱਤਰ ਆਏ ਹਨ। ਜ਼ਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਦੇ ਕਿਸਾਨਾਂ ਨੇ ਬਿਜਲੀ ਦਫ਼ਤਰ ਦਾ ਘਿਰਾਉ ਕਰਕੇ ਬਿਜਲੀ ਦੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨਾਂ ਨੇ ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਤੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਮਿਲਣ ਕਰਕੇ ਕਣਕ ਦੀ ਫ਼ਸਲ ਬੀਜਣ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਮੇਂ ਸਿਰ ਕਣਕ ਦੀ ਫਸਲ ਨਹੀਂ ਬੀਜਣ ਦਿੱਤੀ। ਇਸ ਕਰਕੇ ਕਣਕ ਦੀ ਫਸਲ ਦੀ ਝਾੜ ਘੱਟ ਮਿਲਣ ਕਰਕੇ ਕਿਸਾਨਾਂ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ। ਉੱਤੋਂ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੁਕਮ ਤਾਂ ਸੁਣਾ ਦਿੱਤਾ ਪਰ ਇਸ ਦੇ ਨਿਪਟਾਰੇ ਲਈ ਕੋਈ ਮੁਆਵਜ਼ਾ ਵੀ ਨਹੀਂ ਦਿੱਤਾ।

ਕਿਸਾਨ ਜਥੇਬੰਦੀ ਦੇ ਲੀਡਰਾਂ ਨੇ ਕਿਹਾ ਕਿ ਕਣਕ ਦੀ ਫਸਲ ਤੇ ਹੋਰ ਫ਼ਸਲਾਂ ਬੀਜਣ ਲਈ ਉਨ੍ਹਾਂ ਨੂੰ ਸਮੇਂ ਸਿਰ ਬਿਜਲੀ ਨਹੀਂ ਮਿਲ ਰਹੀ ਜਿਸ ਕਰਕੇ ਟਿਊਬਵੈਲ ਤੇ ਖੇਤ ਸੁੱਕੇ ਪਏ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਬਿਜਲੀ ਵਿਭਾਗ ਜਾਣ-ਬੁੱਝ ਕੇ ਬਿਜਲੀ ਦੇ ਕੱਟ ਲਾ ਰਿਹਾ ਹੈ। ਉੱਪਰੋਂ ਮਹਿੰਗੇ ਡੀਜ਼ਲ ਕਰਕੇ ਕਿਸਾਨ ਡੀਜ਼ਲ ’ਤੇ ਵੀ ਟਿਊਬਵੈਲ ਨਹੀਂ ਚਲਾ ਸਕਦੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਉਨ੍ਹਾਂ ਨੂੰ ਬਿਜਲੀ ਨਾ ਦਿੱਤੀ ਤਾਂ ਉਹ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨਗੇ।