ਅੰਮ੍ਰਿਤਸਰ: ਇੱਥੇ ਧਰਨੇ ’ਤੇ ਬੈਠੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਅੱਜ ਸਰਕਾਰ ਨੂੰ ਜੇਲ੍ਹ ਭਰੋ ਅੰਦੋਲਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪਹਿਲੀ ਮਾਰਚ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜੇ ਸਰਕਾਰ ਨੇ ਉਨ੍ਹਾਂ ਦੀ ਚੇਤਾਵਨੀ ਵੱਲ ਗੌਰ ਨਾ ਕੀਤਾ ਤਾਂ ਇਸ ਦੇ ਨੁਕਸਾਨ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।
ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਜ ਅੰਮ੍ਰਿਤਸਰ ਦੇ ਡੀਸੀ ਦਫਤਰ ਵਿੱਚ ਧਰਨੇ ਦੌਰਾਨ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ। ਕਿਸਾਨਾਂ ਨੇ ਆਪਣੇ ਧਰਨੇ ਦੌਰਾਨ ਦੁੱਧ ਦੇ ਮਾਮਲੇ ਦੀ ਨਵੀਂ ਪਾਲਿਸੀ ਬਣਾਉਣ ਦੀ ਨਵੀਂ ਮੰਗ ਜੋੜੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਘੱਟੋ-ਘੱਟ ਦੁੱਧ ਦੇ ਮਾਮਲੇ ਵਿੱਚ ਸਪਸ਼ਟ ਨੀਤੀ ਬਣਾਉਣੀ ਚਾਹੀਦੀ ਹੈ ਤਾਂ ਕਿ ਸੂਬੇ ਵਿੱਚ ਇਕਸਾਰ ਭਾਅ ਮੁਤਾਬਕ ਦੁੱਧ ਵੇਚਿਆ ਜਾ ਸਕੇ।
ਇਸ ਦੇ ਨਾਲ ਹੀ ਕਿਸਾਨਾਂ ਨੇ ਮਿਲਾਵਟੀ ਦੁੱਧ ’ਤੇ ਵੀ ਨਕੇਲ ਪਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ’ਚ ਵੱਡੀ ਮਾਤਰਾ ਵਿੱਚ ਮਿਲਾਵਟੀ ਦੁੱਧ ਵੇਚਿਆ ਜਾ ਰਿਹਾ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਲੀਡਆਂ ਨੇ ਪੰਜਾਬ ਸਰਕਾਰ ਦੇ ਨਾਲ ਨਾਲ ਕੇਂਦਰ ਸਰਕਾਰ ਨੂੰ ਵੀ ਕਿਸਾਨ ਵਿਰੋਧੀ ਦੱਸਿਆ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਵੀ ਕਿਸਾਨਾਂ ਲਈ ਕੁਝ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਨੇ ਸਰਕਾਰ ਦੀ ਨੀਤ ਵਿੱਚ ਖੋਟ ਦੱਸਦਿਆਂ ਕਿਹਾ ਕਿ ਨਾ ਤਾਂ ਪੰਜਾਬ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ।