ਪਟਿਆਲਾ: ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਤੇ ਬਿਜਲੀ ਸੋਧ ਬਿੱਲ-2020 ਸਮੇਤ ਮੌਂਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਤੇ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਨੇ ਪੂਰੇ ਪੰਜਾਬ ਵਿੱਚ 15 ਸਤੰਬਰ ਨੂੰ ਵੰਗਾਰ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ।


ਇਸ ਦੌਰਾਨ ਪਟਿਆਲਾ, ਅੰਮ੍ਰਿਤਸਰ, ਫਗਵਾੜਾ ਤੇ ਬਰਨਾਲਾ ਵਿੱਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ’ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਤੇ ਬਾਕੀ ਥਾਵਾਂ ’ਤੇ ਦੂਜੀਆਂ ਤਿੰਨ ਕਿਸਾਨ ਜਥੇਬੰਦੀਆਂ ਨਾਲ ਰੈਲੀਆਂ ਕੀਤੀਆਂ ਜਾਣਗੀਆਂ। ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਏ ਗਏ ਫੈਸਲੇ ਬਾਰੇ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਤੇ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਫੈਸਲੇ ਲੈ ਰਹੀਆਂ ਹਨ ਜਿਸ ਖ਼ਿਲਾਫ਼ ਪਿੰਡਾਂ ਵਿੱਚ ਕਿਸਾਨਾਂ ਨੂੰ ਜਗਾਉਣ ਤਹਿਤ 15 ਸਤੰਬਰ ਨੂੰ ਸਰਕਾਰਾਂ ਨੂੰ ਵੰਗਾਰਿਆ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਹੰਗਾਮੀ ਇਜਲਾਸ ਸੱਦ ਕੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਮਤਾ ਪਾਸ ਕਰੇ ਤੇ ਕੇਂਦਰ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸਾਂ ਸਮੇਤ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰੇ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ ਤੇ ਗੁਰਮੀਤ ਮਹਿਮਾ, ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ ਤੇ ਕੁਲਵੰਤ ਸਿੰਘ ਸੰਧੂ, ਕਿਸਾਨ ਯੂਨੀਅਨ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਹਾਜ਼ਰ ਸਨ।