ਚੰਡੀਗੜ੍ਹ: ਪੰਜਾਬ ਭਰ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨਾਂ ਉੱਤੇ ਧੜੱਲੇ ਨਾਲ ਦਰਜ ਕੀਤੇ ਪਰਚੇ ਨੂੰ ਰੱਦ ਕਰਵਾਉਣ ਲਈ ਅੱਜ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਇਸ ਦੇ ਚੱਲਦੇ ਜ਼ਿਲ੍ਹਾ ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਬਠਿੰਡਾ ਦੇ ਡੀਐਸਪੀ ਦਫ਼ਤਰ ਦਾ ਘਿਰਾਓ ਕੀਤਾ ਗਿਆ।


ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਛੋਟੇ ਕਿਸਾਨਾਂ ਉੱਤੇ ਪਰਾਲੀ ਸਾੜਨ ਨੂੰ ਲੈ ਕੇ ਪਰਚੇ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਅੱਜ ਹਰ ਜ਼ਿਲ੍ਹੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਾਇਆ ਗਿਆ ਹੈ, ਕਿਉਂਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਤਾਂ ਕੀ ਦੇਣਾ ਸੀ, ਉਲਟਾ ਉਨ੍ਹਾਂ ਉੱਪਰ ਪਰਚੇ ਦਰਜ ਕਰ ਦਿੱਤੇ। ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਅੱਗ ਲਾਉਂਦੇ ਹਨ, ਤਾਂ ਸਭ ਤੋਂ ਪਹਿਲਾਂ ਉਹ ਧੂੰਆਂ ਉਨ੍ਹਾਂ ਦੇ ਘਰਾਂ ਵਿੱਚ ਪਹੁੰਚਦਾ ਹੈ, ਜਿਸ ਦੇ ਚੱਲਦੇ ਘਰ ਵਿੱਚ ਖ਼ੁਦ ਬਿਮਾਰੀਆਂ ਆਉਂਦੀਆਂ ਹਨ।


ਪੰਜਾਬ ਸਰਕਾਰ ਨੇ ਜੋ ਵੀ ਕਿਸਾਨਾਂ ਨਾਲ ਵਾਅਦਾ ਕੀਤਾ ਹੈ, ਉਹ ਕੋਈ ਵੀ ਪੂਰਾ ਨਹੀਂ ਹੋਇਆ। ਜੋ ਸੁਪਰੀਮ ਕੋਰਟ ਵੱਲੋਂ 100 ਰੁਪਏ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉਸ 100 ਰੁਪਏ ਨਾਲ ਕਿਸਾਨਾਂ ਨੂੰ ਕੁਝ ਵੀ ਰਾਹਤ ਨਹੀਂ ਮਿਲਣੀ। ਕਿਸਾਨਾਂ ਨੂੰ ਘੱਟੋ-ਘੱਟ 200 ਰੁਪਏ ਦਿੱਤੇ ਜਾਣ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।


ਉਨ੍ਹਾਂ ਕਿਹਾ ਕਿ ਅੱਜ ਦੇ ਇਸ ਧਰਨੇ ਤੋਂ ਬਾਅਦ ਜੇ ਸਰਕਾਰ ਵੱਲੋਂ ਕਿਸਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਨਾ ਹੋਏ ਤੇ ਜ਼ੁਰਮਾਨੇ ਵੀ ਵਾਪਸ ਨਾ ਲਏ ਗਏ ਤਾਂ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਤਿੱਖਾ ਸੰਘਰਸ਼ ਕੀਤਾ ਜਾਏਗਾ।