ਬਠਿੰਡਾ: ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ਤੋਂ ਦੁਖੀ ਸੱਤ ਕਿਸਾਨ ਜਥੇਬੰਦੀਆਂ ਨੇ ਪੂਰੇ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ। ਲੁਧਿਆਣਾ, ਬਰਨਾਲਾ ਤੇ ਬਠਿੰਡਾ ਦੇ ਡੀਸੀ ਦਫ਼ਤਰ ਮੂਹਰੇ ਕੀਤੇ ਪ੍ਰਦਰਸ਼ਨ ਵਿੱਚ ਭਾਰੀ ਗਿਣਤੀ 'ਚ ਕਿਸਾਨ, ਬਜ਼ੁਰਗਾਂ ਤੇ ਔਰਤਾਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਸਰਕਾਰ ਤੋਂ ਝੋਨੇ ਦੀ ਲਵਾਈ ਲਈ ਪਹਿਲੀ ਜੂਨ ਤੋਂ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਦੇਣ ਦੀ ਮੰਗ ਕੀਤੀ ਜਦਕਿ ਸਰਕਾਰ ਨੇ 13 ਜੂਨ ਤੋਂ ਬਿਜਲੀ ਦੇਣ ਦੇ ਹੁਕਮ ਜਾਰੀ ਕੀਤੇ ਹਨ।


ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੇ ਕਰਜ਼ੇ ਕਰਕੇ ਖ਼ੁਦਕੁਸ਼ੀ ਕਰ ਚੁੱਕੇ ਆਪਣੇ ਪਰਿਵਾਰ ਮੈਂਬਰਾਂ ਦੀਆਂ ਤਸਵੀਰਾਂ ਹੱਥਾਂ ਵਿੱਚ ਫੜ ਕੇ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਰਜ਼ਾ ਮੁਆਫ਼ੀ ਦਾ ਢਾਈ ਸਾਲ ਪਹਿਲਾਂ ਕੀਤਾ ਵਾਅਦਾ ਹਾਲੇ ਤਕ ਪੂਰਾ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਹਰੇਕ ਪਰਿਵਾਰ ਦੇ ਇੱਕ ਨੌਜਵਾਨ ਨੂੰ ਨੌਕਰੀ ਦੇਣ ਦਾ ਵੀ ਵਾਅਦਾ ਕੀਤਾ ਸੀ ਤੇ ਪੰਜਾਬ ਵਿੱਚ ਚਾਰ ਹਫ਼ਤਿਆਂ ਵਿੱਚ ਨਸ਼ਾ ਬੰਦ ਕੀਤਾ ਜਾਵੇਗਾ, ਪਰ ਅੱਜ ਉਸ ਗੱਲ ਨੂੰ ਢਾਈ ਸਾਲ ਹੋ ਗਏ ਕਿਸੇ ਵੀ ਇੱਕ ਵਾਅਦੇ 'ਤੇ ਖਰਾ ਨਹੀਂ ਉੱਤਰਿਆ।

ਕਿਸਾਨਾਂ ਨੇ ਕਿਹਾ ਕਿ ਅਸੀਂ ਪੰਜ ਏਕੜ ਜ਼ਮੀਨ ਦੇ ਮਾਲਕਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਵਾਉਣ ਲਈ ਕਈ ਵਾਰ ਅਧਿਕਾਰੀਆਂ ਨੂੰ ਮਿਲੇ ਹਨ, ਪਰ ਕੋਈ ਹੱਲ ਨਾ ਹੋਇਆ। ਕਿਸਾਨਾਂ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ 'ਤੇ ਕੇਂਦਰ ਤੇ ਪੰਜਾਬ ਸਰਕਾਰ 'ਤੇ ਲਾਹਣਤਾਂ ਵੀ ਪਾਈਆਂ।