ਚੰਡੀਗੜ੍ਹ: ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਸਾਲ ਨਵੰਬਰ ਤੋਂ ਅੰਦੋਲਨ ਕਰ ਰਹੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਚਾਰ ਮਹੀਨੇ ਬਾਅਦ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ।
ਇਸ ਨਾਲ ਸਰਕਾਰ ਅਤੇ ਕਿਸਾਨਾਂ ਵਿਚਾਲੇ ਆਈ ਖੜੋਤ ਟੁੱਟਣ ਦੀ ਉਮੀਦ ਹੈ।ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਅਪੀਲ ਕੀਤੀ ਹੈ।
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 22 ਜਨਵਰੀ ਤੋਂ ਬਾਅਦ ਕੋਈ ਗੱਲਬਾਤ ਨਹੀਂ ਹੋਈ ਹੈ।ਹੁਣ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪਹਿਲਕਦਮੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਕੋਰੋਨਾ ਮਹਾਮਾਰੀ ਦੇ ਬਚਾਅ ਲਈ ਵਾਜਬ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਪ੍ਰਧਾਨ ਮੰਤਰੀ ਨੂੰ ਲਿਖੀ ਗਈ ਚਿੱਠੀ ਵਿੱਚ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਹੰਕਾਰੀ ਰਵੱਈਏ ਦਾ ਵੀ ਜ਼ਿਕਰ ਕੀਤਾ।ਕਿਸਾਨ ਮੋਰਚੇ ਨੇ ਕਿਹਾ ਕਿ ਮਹਾਮਾਰੀ ਵਿੱਚ ਕਿਸੇ ਦੀ ਵੀ ਸਿਹਤ ਨੂੰ ਖਤਰੇ 'ਚ ਨਹੀਂ ਪਾ ਰਹੇ, ਪਰ ਉਹ ਅੰਦੋਲਨ ਨੂੰ ਵੀ ਛੱਡਕੇ ਨਹੀਂ ਜਾ ਸਕਦੇ ਕਿਉਂਕਿ ਇਹ ਜ਼ਿੰਦਗੀ ਮੌਤ ਅਤੇ ਉਹਨਾਂ ਦੀਆਂ ਆਉਣ ਵਾਲੀਆਂ ਪੀੜੀਆਂ ਦਾ ਸੁਆਲ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਯੋਗੇਂਦਰ ਯਾਦਵ, ਅਭਿਮੰਨਿਊ ਕੋਹਾੜ ਨੇ ਪ੍ਰਧਾਨ ਮੰਤਰੀ ਨੂੰ ਭੇਜੀ ਚਿੱਠੀ ਵਿੱਚ ਕਿਹਾ ਹੈ ਕਿ ਦਿੱਲੀ ਦੇ ਬਾਡਰਾਂ 'ਤੇ ਕਿਸਾਨਾਂ ਦੇ ਧਰਨੇ ਨੂੰ 176 ਦਿਨ ਹੋ ਗਏ ਹਨ ਅਤੇ ਇਸ ਮਿਸਾਲੀ ਸੰਘਰਸ਼ ਦੌਰਾਨ 470 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ 11 ਵਾਰ ਹੋਈ ਮੀਟਿੰਗਾਂ ਬੇਸਿੱਟਾ ਰਹੀਆਂ ਹਨ।ਉਨ੍ਹਾਂ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਗਾ ਮੰਨਣ ਦੀ ਅਪੀਲ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ