ਸੰਗਰੂਰ: ਕੇਂਦਰ ਤੇ ਪੰਜਾਬ ਸਰਕਾਰਾਂ ਝੋਨੇ ਦੀ ਪਰਾਲੀ ਦੇ ਨਿਬੇੜੇ ਦਾ ਕੋਈ ਢੁਕਵਾਂ ਹੱਲ਼ ਕਰਨ ਵਿੱਚ ਅਸਫਲ ਰਹੀਆਂ ਹਨ। ਇਸ ਲਈ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ। ਇਸ ਵੇਲੇ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਪੁੱਜਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਇਸ ਦੀ ਪਰਾਲ਼ੀ ਨੂੰ ਅੱਗ ਲਾਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।

ਹਾਲਾਂਕਿ, ਕੌਮੀ ਗਰੀਨ ਟ੍ਰਿਬਿਊਨਲ ਤੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਪਰਾਲ਼ੀ ਦੇ ਸਹੀ ਨਿਬੇੜੇ ਵਿੱਚ ਨਾਕਾਮ ਰਹਿਣ ਵਿੱਚ ਖਾਸੀ ਝਾੜਝੰਬ ਵੀ ਸਹਿਣੀ ਪਈ। ਹੁਣ ਕਿਸਾਨਾਂ ਨੇ ਵੀ ਸਰਕਾਰ ਵਿਰੁੱਧ ਬਾਗ਼ੀ ਰੁਖ਼ ਅਖ਼ਤਿਆਰ ਕਰ ਲਿਆ ਹੈ। ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਣ ਆਏ ਅਧਿਕਾਰੀਆਂ ਨੂੰ ਬੰਦੀ ਬਣਾਇਆ ਜਾ ਰਿਹਾ ਹੈ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਲੀਡਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਪਿੰਡ ਫ਼ਤਹਿਗੜ੍ਹ ਵਿੱਚ ਪਰਾਲ਼ੀ ਨੂੰ ਸਾੜਨ ਤੋਂ ਰੋਕਣ ਆਏ ਅਧਿਕਾਰੀਆਂ ਨੂੰ ਬੰਦੀ ਬਣਾ ਲਿਆ ਤੇ ਮੁਆਫ਼ੀ ਮੰਗਣ 'ਤੇ ਹੀ ਜਾਣ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਅੱਜ ਕਈ ਪਿੰਡਾਂ ਦਾ ਦੌਰਾ ਕੀਤਾ ਤੇ ਉੱਥੇ ਕਈ ਏਕੜ ਫ਼ਸਲ ਦੇ ਨਾੜ ਨੂੰ ਅੱਗ ਲਾਈ ਹੈ। ਕਿਸਾਨ ਆਗੂ ਨੇ ਦੱਸਿਆ ਕਿ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣਾ ਕਿਸਾਨ ਦੀ ਮਜਬੂਰੀ ਹੈ ਤੇ ਸਰਕਾਰ ਇਸ ਮਸਲੇ ਦਾ ਹੱਲ ਨਹੀਂ ਕੱਢ ਰਹੀ।

ਬੀਕੇਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਦੱਸਿਆ ਕਿ ਉਨ੍ਹਾਂ ਇੱਕ ਕਾਫ਼ਲਾ ਬਣਾਇਆ ਹੋਇਆ ਹੈ, ਜਿਸ ਕਿਸਾਨ ਨੂੰ ਖੇਤ ਵਿੱਚ ਪਰਾਲ਼ੀ ਫੂਕਣ ਲਈ ਮਦਦ ਦੀ ਲੋੜ ਹੁੰਦੀ ਹੈ, ਉਹ ਉੱਥੇ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਸ ਮਸਲੇ 'ਤੇ ਸਰਕਾਰ ਨਾਲ ਦੋ ਹੱਥ ਕਰਨ ਲਈ ਵੀ ਤਿਆਰ ਹਨ। ਉੱਧਰ ਸਰਕਾਰ ਵੀ ਇਸ ਵਾਰ ਸਖ਼ਤੀ ਵਰਤਣ ਦੇ ਐਲਾਨ ਕਰ ਰਹੀ ਹੈ।