ਅੰਮ੍ਰਿਤਸਰ: ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅੱਜ ਇੱਕ ਵਾਰ ਫੇਰ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ। ਇਸ ਦੇ ਤਹਿਤ ਕਿਸਾਨਾਂ ਨੇ ਕੈਬਿਨਟ ਮੰਤਰੀ ਨਵਜੋਤ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਸਿੱਧੂ ਦੀ ਕੋਠੀ ਤੋਂ ਕੁਝ ਦੂਰੀ 'ਤੇ ਹੀ ਰੋਕ ਲਿਆ ਗਿਆ। ਦਰਅਸਲ ਪੁਲਿਸ ਨੇ ਇਸ ਪ੍ਰਦਰਸ਼ਨ ਨੂੰ ਲੈ ਕੇ ਪਹਿਲਾਂ ਤੋਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਰੱਖੇ ਸਨ।


ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਜਲਦ ਤੋਂ ਜਲਦ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਵਾਜਬ ਰੇਟ ਮਿਲ ਸਕੇ।

ਇਸ ਤੋਂ ਇਲਾਵਾ ਕਿਸਾਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਜੋ ਕਿਸਾਨਾਂ ਅਤੇ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ, ਉਹ ਜਲਦੀ ਪੂਰੇ ਕਰੇ ਨਹੀਂ ਤਾ ਕਿਸਾਨਾਂ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ।