ਫਗਵਾੜਾ : ਗੰਨੇ ਦੇ ਬਕਾਇਆ ਪੈਸੇ ਨੂੰ ਲੈ ਕੇ ਗੰਨਾ ਕਿਸਾਨਾਂ ਦੇ ਵੱਲੋਂ ਪਿਛਲੇ ਕਰੀਬ 24 ਘੰਟੇ ਤੋਂ ਵੱਧ ਦੇ ਸਮੇ ਤੋਂ ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਚੌਂਕ ਵਿੱਚ ਹਾਈਵੇ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਦੇਸ਼ ਜਾਰੀ ਕਰਕੇ ਮਿੱਲ ਦੀ ਪੰਜਾਬ ਵਿੱਚ ਬਣੀ ਹੋਈ ਪ੍ਰਾਪਰਟੀ ਨੂੰ ਅਟੈਚ ਕਰਕੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

 

ਜਾਣਕਾਰੀ ਅਨੁਸਾਰ ਫਗਵਾੜਾ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਕਾਰਵਾਈ ਕਰਦਿਆਂ ਮਿੱਲ ਦੇ ਨਾਮ ’ਤੇ ਪੰਜਾਬ ਭਰ ’ਚ ਹਰ ਜਾਇਦਾਦ ਨੂੰ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਿਖਤੀ ਤੌਰ ’ਤੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਪੰਜਾਬ, ਕਮਿਸ਼ਨਰ ਜਲੰਧਰ ਮੰਡਲ ਤੇ ਕੇਨ ਕਮਿਸ਼ਨਰ, ਮੋਹਾਲੀ ਨੂੰ ਵੀ ਸੂਚਿਤ ਕੀਤਾ ਗਿਆ ਹੈ।

 

ਇਸ ਸੰਬੰਧੀ ਉਨ੍ਹਾਂ ਸੂਬੇ ਦੇ 22 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼-ਕਮ- ਜ਼ਿਲ੍ਹਾ ਕੁਲੈਕਟਰਾਂ ਨੂੰ 8 ਅਗਸਤ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਫਗਵਾੜਾ ਜਾਂ ਵਾਹਦ ਸੰਧਰ ਸ਼ੂਗਰ ਮਿੱਲ ਫਗਵਾੜਾ (ਕਪੂਰਥਲਾ) ਦੇ ਨਾਮ ’ਤੇ ਮਾਲ ਰਿਕਾਰਡ ’ਚ ਕਿਸੇ ਪ੍ਰਕਾਰ ਦੀ ਕੋਈ ਮਾਲਕੀ ਜ਼ਮੀਨ, ਜਾਇਦਾਦ ਪਾਈ ਜਾਂਦੀ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਅਟੈਚ ਕਰਨ ਉਪਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਰਿਕਵਰੀ ਸਬੰਧੀ ਅਗਲੀ ਕਾਰਵਾਈ ਕਰਕੇ ਕਿਸਾਨਾਂ ਨੂੰ ਬਣਦੀ ਅਦਾਇਗੀ ਕੀਤੀ ਜਾ ਸਕੇ।

 

ਓਧਰ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਇਸ ਕਾਰਵਾਈ ਤੋਂ ਬਾਅਦ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਦੇ ਐਮ.ਡੀ ਵੱਲੋਂ ਇੰਗਲੈਂਡ ਤੋਂ ਵੀਡੀਓ ਜਾਰੀ ਕੀਤੀ ਗਈ ਹੈ ਤੇ ਆਪਣਾ ਸਪਸ਼ਟੀਕਰਨ ਦਿੱਤਾ ਗਿਆ ਹੈ। ਉਹਨਾਂ ਨੇ ਵੀਡੀਓ ਦੇ ਵਿਚ ਕਿਸਾਨਾਂ ਨੂੰ ਆ ਰਹੀ ਪ੍ਰੇਸ਼ਾਨੀ ਦਾ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਨੂੰ ਵੀ ਦੱਸਿਆ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।