(Source: ECI/ABP News/ABP Majha)
ਗੰਨਾ ਕਿਸਾਨਾਂ ਲਈ ਖੁਸ਼ਖਬਰੀ! 300 ਕਰੋੜ ਰੁਪਏ ਦਾ ਬਕਾਇਆ 3 ਕਿਸ਼ਤਾਂ 'ਚ ਅਦਾ ਹੋਏਗਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਹੰਭਲਾ ਮਾਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਹੰਭਲਾ ਮਾਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂਕਿ ਕਿਸਾਨੀ ਇਸ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਇਸੇ ਤਹਿਤ ਸੂਬਾ ਸਰਕਾਰ ਦਾ ਇਹ ਤਹੱਈਆ ਹੈ ਕਿ ਗੰਨਾ ਕਿਸਾਨਾਂ ਨੂੰ ਨਿੱਜੀ ਮਿੱਲਾਂ ਹੱਥੋਂ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਥਾਨਕ ਸੈਕਟਰ 35 ਦੇ ਮਿਊਂਸਪਲ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਨਿੱਜੀ ਗੰਨਾ ਮਿੱਲਾਂ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਬਾਕੀ ਅਦਾਇਗੀਆਂ ਸਮੇਂ ਸਿਰ ਕਰਨ ਲਈ ਕਿਹਾ ਜਾਵੇਗਾ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮਿੱਲ ਬੰਦ ਕੀਤੀ ਜਾਵੇਗੀ।ਉਹਨਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਗੰਨੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਭਾਵੇਂ ਸਰਕਾਰ ਨੂੰ ਗੰਨਾ ਮਿੱਲਾਂ ਦੀ ਜ਼ਿੰਮੇਵਾਰੀ ਖੁਦ ਕਿਉਂ ਨਾ ਸਾਂਭਣੀ ਪਵੇ।
ਕਿਸਾਨ ਹਿਤੈਸ਼ੀ ਪਹਿਲਕਦਮੀਆਂ ਬਾਰੇ ਖੁਲਾਸਾ ਕਰਦੇ ਹੋਏ ਮੰਤਰੀ ਨੇ ਦੱਸਿਆ ਕਿ ਜਿਥੋਂ ਤੱਕ ਸਹਿਕਾਰੀ ਮਿੱਲਾਂ ਵੱਲ ਗੰਨਾਂ ਕਿਸਾਨਾਂ ਦੇ 300 ਕਰੋੜ ਰੁਪਏ ਦੇ ਬਕਾਏ ਦਾ ਸਬੰਧ ਹੈ ਤਾਂ ਇਹ 3 ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇਗਾ। ਇਸ ਵਿੱਚੋਂ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ 30 ਜੁਲਾਈ ਤੱਕ ਅਦਾ ਕੀਤੀ ਜਾਵੇਗੀ ਜਦੋਂ ਕਿ 100 ਕਰੋੜ ਰੁਪਏ ਦੀ ਹੀ ਦੂਜੀ ਕਿਸ਼ਤ 30 ਅਗਸਤ ਤੱਕ ਜਾਰੀ ਹੋਵੇਗੀ। ਆਖਰੀ ਕਿਸ਼ਤ ਜੋ ਕਿ 100 ਕਰੋੜ ਰੁਪਏ ਦੀ ਹੀ ਹੋਵੇਗੀ, 15 ਸਤੰਬਰ ਤੱਕ ਜਾਰੀ ਹੋਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ ਗੰਨਾਂ ਮਿੱਲਾਂ ਨੂੰ ਅਤਿ ਆਧੁਨਿਕ ਮਸ਼ੀਨਰੀ ਨਾਲ ਲੈਸ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸੇ ਲੜੀ ਤਹਿਤ ਬਟਾਲਾ ਅਤੇ ਗੁਰਦਾਸਪੁਰ ਦੀਆਂ ਮਿੱਲਾਂ ਵਿੱਚ ਨਵੀਂ ਮਸ਼ੀਨਰੀ ਸਥਾਪਤ ਕੀਤੀ ਜਾ ਰਹੀ ਹੈ।